ਨੋਇਡਾ 'ਚ ਗਿ੍ਫ਼ਤਾਰ ਕੀਤੇ ਗਏ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਕਾਮਰੇਡ ਅਮਰੀਕ ਸਿੰਘ <br/>
ਅਜੀਤ ਡੈਸਕ
16-04-2026
ਕਪੂਰਥਲਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਕਾਮਰੇਡ ਅਮਰੀਕ ਸਿੰਘ ਨੇ ਨੋਇਡਾ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਵਿਖਾਵਾ ਕਰ ਰਹੇ ਮਜ਼ਦੂਰਾਂ 'ਤੇ ਪੁਲਿਸ ਵਲੋਂ ਬੇਰਹਿਮੀ ਨਾਲ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਨੋਇਡਾ ਦੇ ਮਜ਼ਦੂਰ ਪਿਛਲੇ ਲੰਮੇ ਸਮੇਂ ਤੋਂ ਅਣਮਨੁੱਖੀ ਕੰਮ ਦੇ ਹਾਲਾਤ ਵਿਰੁੱਧ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰ 12 ਘੰਟੇ ਡਿਊਟੀ ਦੀ ਥਾਂ 8 ਘੰਟੇ ਡਿਊਟੀ ਕਰਨ ਤੇ ਉਨ੍ਹਾਂ ਨੂੰ ਘੱਟੋ ਘੱਟ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦੇਣ ਦੀ ਮੰਗ ਕਰ ਰਹੇ ਸਨ | ਪ੍ਰਬੰਧਕਾਂ ਵਲੋਂ ਮਜ਼ਦੂਰਾਂ ਦੀ ਮੰਗਾਂ ਮੰਨਣ ਦੀ ਥਾਂ ਉਨ੍ਹਾਂ 'ਤੇ ਪੁਲਿਸ ਜ਼ਬਰ ਢਾਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ 300 ਮਜ਼ਦੂਰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਡੱਕੇ ਹੋਏ ਹਨ ਤੇ 100 ਹੋਰ ਮਜ਼ਦੂਰਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖਿਆ ਹੋਇਆ ਹੈ | ਯੂਨੀਅਨ ਆਗੂ ਨੇ ਮਜ਼ਦੂਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕੇਂਦਰ ਤੇ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਲ੍ਹ ਵਿਚ ਬੰਦ ਸਾਰੇ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ 'ਤੇ ਦਰਜ ਕੀਤੇ ਝੂਠੇ ਕੇਸ ਤੁਰੰਤ ਰੱਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦਮਨਕਾਰੀ ਰਵੱਈਆ ਨਾ ਬਦਲਿਆ ਤਾਂ ਰੇਲਵੇ ਕਰਮਚਾਰੀ ਇਸ ਸੰਘਰਸ਼ ਨੂੰ ੂ ਦੇਸ਼ ਪੱਧਰ 'ਤੇ ਲਿਜਾਣ ਲਈ ਮਜਬੂਰ ਹੋਣਗੇ |