ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਮਾਪਦੰਡਾਂ 'ਚ ਛੋਟ ਦੇਣ ਦੇ ਫ਼ੈਸਲੇ ਤੋਂ ਬਾਅਦ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਕਣਕ ਦੀ ਖ਼ਰੀਦ 'ਚ ਦੁਪਹਿਰ ਬਾਅਦ ਤੇਜ਼ ਆਈ ਤੇ ਅੱਜ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 25144 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਤੇ ਹੁਣ ਤੱਕ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕਣਕ ਦੀ ਕਿਸਾਨਾਂ ਨੂੰ 27.32 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਥੇ ਵਰਨਣਯੋਗ ਹੈ ਕਿ ਬੇਮੌਸਮੀ ਬਾਰਸ਼ਾਂ ਤੇ ਗੜ੍ਹੇਮਾਰੀ ਕਾਰਨ ਕਣਕ ਦਾ ਦਾਣਾ ਬਦਰੰਗ ਹੋਣ ਤੇ ਸੁੰਗੜਣ ਕਾਰਨ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਮੰਡੀਆਂ 'ਚੋਂ ਵੱਡੇ ਪੱਧਰ 'ਤੇ ਕਣਕ ਦੀ ਖ਼ਰੀਦ ਕਰਨ ਤੋਂ ਕਈ ਦਿਨ ਟਾਲਾ ਵੱਟਿਆ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਮਾਪਦੰਡਾਂ 'ਚ ਛੋਟ ਦਿੱਤੇ ਜਾਣ ਦੀ ਉਡੀਕ ਵਿਚ ਸਨ ਤੇ ਅੱਜ ਬਾਅਦ ਦੁਪਹਿਰ ਜਦੋਂ ਕੇਂਦਰ ਸਰਕਾਰ ਵਲੋਂ 70 ਫੀਸਦੀ ਬਦਰੰਗ ਦਾਣੇ ਤੇ ਸੁੰਗੜੇ ਦਾਣੇ ਦੀ ਮਾਤਰਾ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕੀਤੇ ਜਾਣ ਦਾ ਫ਼ੈਸਲਾ ਆਇਆ ਤਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਮੰਡੀਆਂ 'ਚੋਂ ਅੱਜ ਵੱਡੇ ਪੱਧਰ 'ਤੇ ਕਣਕ ਦੀ ਖ਼ਰੀਦ ਕੀਤੀ | ਜਿੱਥੋਂ ਤੱਕ ਲਿਫ਼ਟਿੰਗ ਦਾ ਸਵਾਲ ਹੈ ਅੱਜ ਮੰਡੀਆਂ 'ਚੋਂ ਖ਼ਰੀਦੀ ਗਈ ਕੁੱਲ ਕਣਕ 'ਚੋਂ 1744.1 ਮੀਟਰਿਕ ਟਨ ਕਣਕ ਦੀ ਚੁਕਾਈ ਹੋਈ ਜਦਕਿ ਬੀਤੀ 14 ਅਪ੍ਰੈਲ ਤੱਕ 2497.50 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ | ਦੱਸਿਆ ਜਾਂਦਾ ਹੈ ਕਿ ਇਸ ਸਮੇਂ ਜ਼ਿਲ੍ਹੇ ਦੀਆਂ ਮੰਡੀਆਂ 'ਚ 42592.99 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਖ਼ਰੀਦ ਏਜੰਸੀਆਂ ਨੇ 40232.50 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਮਾਪਦੰਡਾਂ 'ਚ ਛੋਟ ਦਿੱਤੇ ਜਾਣ ਤੋਂ ਬਾਅਦ ਕਿਸਾਨ, ਆੜ੍ਹਤੀਏ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ | ਦੁਪਹਿਰ ਬਾਅਦ ਮੌਸਮ ਖ਼ਰਾਬ ਹੋਣ ਦੇ ਖ਼ਦਸ਼ੇ ਨੂੰ ਮੁੱਖ ਰੱਖਦਿਆਂ ਦਾਣਾ ਮੰਡੀ ਕਪੂਰਥਲਾ 'ਚ ਬਹੁਤ ਸਾਰੀਆਂ ਢੇਰੀਆਂ ਤਿਰਪਾਲਾਂ ਨਾਲ ਢੱਕ ਦਿੱਤੀਆਂ ਗਈਆਂ | ਕਪੂਰਥਲਾ ਮੰਡੀ ਦਾ ਦੌਰਾ ਕੀਤੇ ਜਾਣ 'ਤੇ ਪਤਾ ਲੱਗਿਆ ਕਿ ਖ਼ਰੀਦ ਏਜੰਸੀਆਂ ਵਲੋਂ ਜਿਹੜੀ ਪਹਿਲਾਂ ਕਣਕ ਖ਼ਰੀਦੀ ਗਈ ਸੀ ਉਸਦੀ ਚੁਕਾਈ ਵੀ ਅਜੇ ਢਿੱਲੀ ਰਫ਼ਤਾਰ ਨਾਲ ਹੋ ਰਹੀ ਹੈ | ਸਰਕਾਰੀ ਖ਼ਰੀਦ ਏਜੰਸੀ ਪਨਗਰੇਨ ਨੇ 10319 ਮੀਟਰਿਕ ਟਨ, ਮਾਰਕਫੈੱਡ ਨੇ 8334 ਮੀਟਰਿਕ ਟਨ, ਪਨਸਪ ਨੇ 2961 ਮੀਟਰਿਕ ਟਨ ਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਨੇ 3530 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਤੇ ਪ੍ਰੈੱਸ ਸਕੱਤਰ ਓਮਕਾਰ ਕਾਲੀਆ ਨੇ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਮਾਪਦੰਡਾਂ 'ਚ ਛੋਟ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ |
ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ 'ਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ-ਅਕਾਸ਼ ਬਾਂਸਲ
ਇਸੇ ਦੌਰਾਨ ਹੀ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਦਾਣਾ ਮੰਡੀ ਭੁਲੱਥ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਖ਼ਰੀਦ ਏਜੰਸੀਆਂ ਤੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚੋਂ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਢੋਆ ਢੁਆਈ ਯਕੀਨੀ ਬਣਾਈ ਜਾਵੇ ਤੇ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ | ਅਕਾਸ਼ ਬਾਂਸਲ ਨੇ ਕਿਹਾ ਕਿ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਕਰਨ ਲਈ ਜ਼ਿਲ੍ਹੇ 'ਚ 42 ਪੱਕੀਆਂ ਤੇ ਕੁੱਝ ਆਰਜ਼ੀ ਮੰਡੀਆਂ ਬਣਾਈਆਂ ਗਈਆਂ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਕਣਕ ਦੀ ਖ਼ਰੀਦ ਲਈ ਸਰਕਾਰ ਵਲੋਂ ਬਣਾਏ ਗਏ ਨਵੇਂ ਮਾਪਦੰਡਾਂ ਅਨੁਸਾਰ ਖ਼ਰੀਦੇ ਗਏ ਸਟਾਕ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ |
ਮਾਪਦੰਡਾਂ 'ਚ ਛੋਟ ਦੇਣ ਦੇ ਫ਼ੈਸਲੇ ਤੋਂ ਬਾਅਦ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ 'ਚ ਤੇਜ਼ੀ ਆਈ <br/>
ਅਜੀਤ ਡੈਸਕ
18-04-2026