ਕਪੂਰਥਲਾ, 18 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਪਿੰਡ ਖੁਖਰੈਣ ਤੋਂ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਨੇ ਸ਼ਰਧਾਲੂਆਂ ਦੀ ਇਕ ਬੱਸ ਨੂੰ ਹਰੀ ਝੰਡੀ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਲਈ ਰਵਾਨਾ ਕੀਤਾ ਤੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਗਈ ਇਹ ਸਕੀਮ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਸਕੀਮ ਨਾਲ ਬਜ਼ੁਰਗਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ | ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ ਸਹਿਣ, ਖ਼ਾਣ ਪੀਣ ਤੇ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ-ਨਾਲ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਵੀ ਦਿੱਤੀ ਜਾ ਰਹੀ ਹੈ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪੰਜਾਬ ਖਾਦੀ ਬੋਰਡ ਦੇ ਉਪ ਚੇਅਰਮੈਨ ਬਲਜੀਤ ਸਿੰਘ ਖਹਿਰਾ, ਆਪ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਗੁਰਨਾਮ ਸਿੰਘ ਤੋਂ ਇਲਾਵਾ ਆਪ ਦੇ ਹੋਰ ਆਗੂ ਤੇ ਪਿੰਡ ਦੇ ਸਰਕਰਦਾ ਵਿਅਕਤੀ ਹਾਜ਼ਰ ਸਨ |