ਨਡਾਲਾ, 19 ਅਪ੍ਰੈਲ (ਰਘਬਿੰਦਰ ਸਿੰਘ)-ਹੈਲਪ ਲਾਈਨ ਐਂਟੀ ਕਰੱਪਸ਼ਨ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਪੰਜਾਬ ਸਰਕਾਰ ਵਲੋਂ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜ 'ਚ ਅਮਨ-ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਨਾਲ ਸਮਾਜ 'ਚ ਤਣਾਅ ਦਾ ਮਾਹੌਲ ਬਣਿਆ | ਇਸ ਤਰ੍ਹਾਂ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣਾ ਸਮੇਂ ਦੀ ਲੋੜ ਸੀ | ਬਿੱਟੂ ਖੱਖ ਨੇ ਕਿਹਾ ਕਿ ਸਰਕਾਰ ਵਲੋਂ ਕੀਤਾ ਗਿਆ ਇਹ ਫ਼ੈਸਲਾ ਕਾਬਿਲ-ਏ-ਤਾਰੀਫ਼ ਹੈ ਤੇ ਇਸ ਨਾਲ ਅਜਿਹੀਆਂ ਘਟਨਾਵਾਂ 'ਤੇ ਨੱਥ ਪਾਉਣ 'ਚ ਮਦਦ ਮਿਲੇਗੀ | ਉਨ੍ਹਾਂ ਨਾਲ ਹੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਿੰਮਤ ਨਾ ਹੋਵੇ | ਉਨ੍ਹਾਂ ਅਖੀਰ 'ਚ ਕਿਹਾ ਕਿ ਸਾਰੇ ਵਰਗਾਂ ਨੂੰ ਮਿਲਜੁਲ ਕੇ ਧਾਰਮਿਕ ਸਾਂਝ ਤੇ ਸਹਿਯੋਗ ਦਾ ਮਾਹੌਲ ਬਣਾਈ ਰੱਖਣਾ ਚਾਹੀਦਾ ਹੈ |