ਫਗਵਾੜਾ, 20 ਅਪੈ੍ਰਲ (ਹਰਜੋਤ ਸਿੰਘ ਚਾਨਾ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਅੱਜ ਲਖਬੀਰ ਸਿੰਘ ਸੈਣੀ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਆਪ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਹਲਕੇ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਹਰਜੀ ਮਾਨ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਕਰਵਾਈ ਜਾਵੇ | ਉਪਰੰਤ ਗੱਲਬਾਤ ਕਰਦਿਆਂ ਲਖਬੀਰ ਸਿੰਘ ਸੈਣੀ ਨੇ ਦੱਸਿਆ ਕਿ ਦਿਵਿਆਂਗ ਵਰਗ ਦੀ ਸੂਬਾ ਪੱਧਰੀ ਮੰਗਾਂ ਸਬੰਧੀ ਵਿਸ਼ੇਸ਼ ਤੌਰ 'ਤੇ ਆਵਾਜ਼ ਬੁਲੰਦ ਕਰਨ ਲਈ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਉਨ੍ਹਾਂ ਦੀ ਅਗਵਾਈ ਹੇਠ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ | ਇਸ ਲਈ ਉਹ ਦਿਵਿਆਂਗ ਐਕਸ਼ਨ ਕਮੇਟੀ ਦੇ 11 ਮੈਂਬਰੀ ਵਫ਼ਦ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਉਣ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਮੰਤਰੀਆਂ ਨਾਲ ਬੇਸਿੱਟਾ ਮੀਟਿੰਗ ਤੋਂ ਬਾਅਦ ਇਹ ਸਪਸ਼ਟ ਹੋ ਚੁੱਕਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਹੀ ਕਰ ਸਕਦੇ ਹਨ | ਉਨ੍ਹਾਂ ਸਪਸ਼ਟ ਕਰਦਿਆਂ ਕਿਹਾ ਕਿ ਜੇਕਰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾਂਦਾ ਤਾਂ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਪਿੰਕੀ, ਜੀਵਨ, ਜੋਗਿੰਦਰ ਸਿੰਘ ਖਾਟੀ, ਗੁਰਿੰਦਰਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਜੋਤੀ, ਮਨਜੀਤ ਕੌਰ, ਮਨਪ੍ਰੀਤ ਸਿੰਘ, ਰਜਨੀ, ਦਵਿੰਦਰ ਕੌਰ ਆਦਿ ਹਾਜ਼ਰ ਸਨ |
ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਹਰਜੀ ਮਾਨ ਨੂੰ ਦਿੱਤਾ ਮੰਗ ਪੱਤਰ <br/>
ਅਜੀਤ ਡੈਸਕ
21-04-2026