ਕਪੂਰਥਲਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚੋਂ 34063 ਮੀਟਰਿਕ ਟਨ ਕਣਕ ਖ਼ਰੀਦੀ ਤੇ ਹੁਣ ਤੱਕ ਮੰਡੀਆਂ ਵਿਚੋਂ ਖ਼ਰੀਦ ਏਜੰਸੀਆਂ ਵਲੋਂ 1 ਲੱਖ 13659 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 1 ਲੱਖ 17856.95 ਮੀਟਰਿਕ ਟਨ ਕਣਕ ਆ ਚੁੱਕੀ ਹੈ ਤੇ ਅੱਜ ਮੰਡੀਆਂ ਵਿਚ 35562 ਮੀਟਰਿਕ ਟਨ ਕਣਕ ਦੀ ਆਮਦ ਹੋਈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖ਼ਰੀਦੀ ਗਈ ਕਣਕ ਦੀ ਚੁਕਾਈ ਦਾ ਸਬੰਧ ਹੈ, ਅੱਜ ਮੰਡੀਆਂ ਵਿਚੋਂ 12185 ਮੀਟਰਿਕ ਟਨ ਕਣਕ ਦੀ ਚੁਕਾਈ ਹੋਈ ਤੇ ਹੁਣ ਤੱਕ 22875 ਮੀਟਰਿਕ ਟਨ ਕਣਕ ਮੰਡੀਆਂ ਵਿਚੋਂ ਚੁੱਕੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪਨਗਰੇਨ ਨੇ 38658 ਮੀਟਰਿਕ ਟਨ, ਮਾਰਕਫੈੱਡ ਨੇ 29247 ਮੀਟਰਿਕ ਟਨ, ਪਨਸਪ ਨੇ 23614 ਮੀਟਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 22140 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਖ਼ਰੀਦੀ ਗਈ ਕਣਕ ਦੀ 196 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਣਕ ਵੇਚਣ ਲਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |