ਭਾਮੀਆਂ ਕਲਾਂ, 21 ਅਪ੍ਰੈਲ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨ ਬ ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨ ਆਪਣੇ ਮੁੱਖ ਦਫਤਰ ਭਾਮੀਆਂ ਕਲਾਂ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਹੋ ਰਹੀਆਂ ਅਕਾਲੀ ਦਲ ਦੀਆਂ ਰੈਲੀਆਂ ਵਿਚ ਹੋ ਰਿਹਾ ਵੱਡਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੂਬੇ ਦੇ ਲੋਕ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਜਿਸ ਨੂੰ ਦੇਖਦੇ ਹੋਏ ਇਹ ਕਹਿਣਾ ਵਾਜਬ ਹੋਵੇਗਾ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਅਕਾਲੀ ਦਲ ਨੂੰ ਫਤਵਾ ਦੇ ਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਚਲਦਾ ਕਰ ਦੇਣਗੇ | ਉਨ੍ਹਾਂ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਜਿਥੇ ਕਾਂਗਰਸ ਅੰਦਰ ਚੱਲ ਰਹੇ ਕਾਟੋ ਕਲੇਸ਼ ਕਾਰਨ ਕਾਂਗਰਸ ਦਾ ਗ੍ਰਾਫ ਦਿਨ ਬ ਦਿਨ ਡਿੱਗ ਰਿਹਾ ਹੈ ਉਥੇ ਹੀ 'ਆਪ' ਸਰਾਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕਾਂ ਨੂੰ ਸਰਾਕਾਰੇ ਦਰਬਾਰੇ ਆਪਣੇ ਕੰਮ ਕਰਵਾਉਣ ਲਈ ਭਟਕਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਚੋਰੀ ਵਰਗੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ ਅਤੇ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾ ਦੀਆਂ ਵਾਰਦਾਤਾਂ ਨੇ ਲੋਕਾਂ ਦੇ ਦਿਲਾਂ ਵਿਚ ਡਰ ਅਤੇ ਸਹਿਮ ਦਾ ਮਹੌਲ ਪੈਦਾ ਕੀਤਾ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਲੋਕ ਘਰਾਂ ਵਿਚੋਂ ਨਿਕਲਣ ਨੂੰ ਤਿਆਰ ਨਹੀਂ, ਪਰ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ | ਇਸ ਮੌਕੇ ਮਨਦੀਪ ਸਿੰਘ ਮਰਵਾਹਾ, ਦਲਜੀਤ ਸਿੰਘ ਜੱਗੀ, ਰਾਜੇਸ਼ ਕੁਮਾਰ, ਪ੍ਰੇਮ ਕੁਮਾਰ ਅਤੇ ਗੁਲਸ਼ਨ ਕੁਮਾਰ ਆਦਿ ਮੌਜ਼ੂਦ ਸਨ |