ਸੁਲਤਾਨਪੁਰ ਲੋਧੀ, 22 ਅਪ੍ਰੈਲ (ਨਰੇਸ਼ ਹੈਪੀ)-ਅਕਸ਼ਯ ਤਿ੍ਤੀਆ ਦੇ ਮੌਕੇ 'ਤੇ ਬਾਲ ਵਿਆਹ ਦੀ ਸੰਭਾਵਨਾ ਨੂੰ ਦੇਖਦੇ ਹੋਏ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਪੂਰਥਲਾ ਸ਼੍ਰੀ ਰਾਜੀਵ ਢਾਂਡਾ ਦੀ ਰਹਿਨੁਮਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਵਿਖੇ ਬਾਲ ਵਿਆਹ ਰੋਕਥਾਮ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪਿੰਡ ਦੇ ਨਿਵਾਸੀਆਂ ਨੂੰ ਬਾਲ ਵਿਆਹ ਦੇ ਨੁਕਸਾਨਾਂ ਅਤੇ ਇਸ ਦੇ ਕਾਨੂੰਨੀ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਤੇ ਹਾਜ਼ਰ ਸਮੂਹ ਮੈਂਬਰਾਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਨਾਲ ਬੱਚਿਆਂ ਦੇ ਸਿਹਤ, ਸਿੱਖਿਆ ਤੇ ਭਵਿੱਖ 'ਤੇ ਨਕਾਰਾਤਮਕ ਅਸਰ ਪੈਂਦਾ ਹੈ | ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦੀ ਉਮਰ ਪੂਰੀ ਹੋਣ ਤੋਂ ਪਹਿਲਾਂ ਵਿਆਹ ਨਾ ਕਰਨ ਤੇ ਇਸ ਤਰ੍ਹਾਂ ਦੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਦੇਣ | ਇਸ ਦੇ ਨਾਲ ਹੀ ਬਾਲ ਵਿਆਹ ਰੋਕਥਾਮ ਕਾਨੂੰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਵਿਭਾਗ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ |