ਫਗਵਾੜਾ, 23 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਗਿਆਨੀ ਭਗਤ ਸਿੰਘ ਭੁੰਗਰਨੀ ਇੰਚਾਰਜ ਜ਼ਿਲ੍ਹਾ ਕਪੂਰਥਲਾ ਨੇ ਭਗਵੰਤ ਮਾਨ ਸਰਕਾਰ ਨੂੰ ਹਰ ਫ਼ਰੰਟ 'ਤੇ ਫੇਲ੍ਹ ਦੱਸਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਕਿਉਂਕਿ ਪੰਜਾਬ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਅਤੇ ਮੌਜੂਦਾ ਸਰਕਾਰ ਪ੍ਰਤੀ ਡੂੰਘਾ ਰੋਸ ਹੈ | ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਦੌਰਾਨ ਇੱਕ ਵਾਰ ਫਿਰ ਇਹ ਗੱਲ ਸਾਬਿਤ ਹੋਈ ਹੈ ਕਿ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ 'ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਡਟ ਕੇ ਪਹਿਰਾ ਦੇ ਸਕਦਾ ਹੈ | ਅੱਜ ਸੂਬੇ ਦੀ ਤਰਸਯੋਗ ਕਾਨੂੰਨ ਵਿਵਸਥਾ ਅਤੇ ਅਰਾਜਕਤਾ ਨੂੰ ਦੇਖਦੇ ਹੋਏ ਪੰਜਾਬ ਦੇ ਲੋਕ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਵਾਲੇ ਸ਼ਾਂਤਮਈ ਮਾਹੌਲ ਅਤੇ ਸੂਬੇ ਦੇ ਹੋਏ ਵਿਕਾਸ ਨੂੰ ਯਾਦ ਕਰਦੇ ਹਨ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦੋਬਾਰਾ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿੱਚ ਆਉਣ 'ਤੇ ਪੰਜਾਬ ਇੱਕ ਵਾਰ ਫਿਰ ਵਿਕਾਸ ਦੇ ਰਸਤੇ ਅੱਗੇ ਵਧੇਗਾ ਅਤੇ ਸਮੇਂ ਦੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਅਤੇ ਪੰਥਕ ਮੰਗਾਂ ਨੂੰ ਪੂਰਾ ਕਰਵਾਇਆ ਜਾਵੇਗਾ |