ਕਪੂਰਥਲਾ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ 'ਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਪੁਲਿਸ ਪਾਰਟੀਆਂ ਪਿੰਡਾਂ ਵਿਚ ਗਸ਼ਤ ਵਧਾਉਣ ਤੇ ਹਾਟ-ਸਪੋਟ ਖੇਤਰਾਂ 'ਚ ਵਾਧੂ ਫੋਰਸ ਤਾਇਨਾਤ ਕੀਤੀ ਜਾਵੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਐਸ. ਡੀ. ਐਮ. ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਨੋਡਲ ਤੇ ਕਲਸਟਰ ਅਫ਼ਸਰਾਂ ਦੀ ਨਿਯੁਕਤੀ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਸਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਆਈ. ਈ. ਸੀ. ਗਤੀਵਿਧੀਆਂ ਤੇਜ ਕਰਨ ਤੇ ਨਾੜ ਦੇ ਪ੍ਰਬੰਧ ਲਈ ਮਸ਼ਾਲਾਂ ਦੀ ਵਰਤੋਂ ਵਧਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਖੇਤਾਂ ਵਿਚ ਮਿਲਾਉਣ ਲਈ ਖੇਤੀਬਾੜੀ ਸੰਦਾ ਦੀ ਉਪਲਬਧਤਾ ਬਾਰੇ 85271-11124 ਤੇ 78890-42876 ਨੰਬਰਾਂ 'ਤੇ ਸੰਪਰਕ ਕੀਤਾ ਜਾਵੇ | ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਦਯੋਗਿਕ ਬਾਇਲਰਾਂ ਤੇ ਇੱਟਾਂ ਦੇ ਭੱਠਿਆਂ 'ਚ ਕਣਕ ਦੀ ਰਹਿੰਦ ਖੰੂਹਦ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਕੇ ਬੱਚਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਹੇਠਲੇ ਪੱਧਰ ਤੱਕ ਪਹੁੰਚ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਪਰ ਡਿਊਟੀ 'ਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |