ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)-ਇੰਤਕਾਲ ਨਾਲ ਸੰਬੰਧਿਤ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਲਈ 'ਸਵੈ ਮਿਤਵਾ ਯੋਜਨਾ ਸਕੀਮ' ਦੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਜਿਹੜੇ ਲਾਲ ਲਕੀਰ ਦੇ ਅੰਦਰ ਹਨ ਉਨ੍ਹਾਂ ਜਾਇਦਾਦਾਂ ਦੇ ਮਾਲਕਾਨਾ ਹੱਕ ਜਲਦੀ ਮਿਲ ਸਕਣ | ਇਹ ਗੱਲ ਸਕੱਤਰ ਸਿੰਘ ਬੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ. ਡੀ. ਐਮ. ਤੇ ਤਹਿਸੀਲਦਾਰਾਂ ਦੀ ਇਕ ਮੀਟਿੰਗ 'ਚ ਸਰਕਾਰੀ ਯੋਜਨਾਵਾਂ ਤੇ ਪ੍ਰਸ਼ਾਸਨਿਕ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਪੰਚਾਇਤ ਵਿਭਾਗ ਨਾਲ ਸੰਬੰਧਿਤ ਦਖ਼ਲ ਵਰੰਟਾਂ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਕਾਨੂੰਨੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ | ਵਧੀਕ ਡਿਪਟੀ ਕਮਿਸ਼ਨਰ ਨੇ ਖ਼ਰਾਬੇ ਦੀ ਵੰਡ ਤੇ ਮੁਆਵਜ਼ੇ ਸੰਬੰਧੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਘੱਟੋ ਘੱਟ ਇਕ ਪਿੰਡ ਏ. ਪੀ. ਆਰ. ਜਾਂ ਅਸੈਸਮੈਂਟ ਰਜਿਸਟਰ ਨਾਲ ਲੈ ਕੇ ਆਉਣ ਤਾਂ ਜੋ ਅਸਲ ਸਥਿਤੀ ਦਾ ਪਤਾ ਲੱਗ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਾਰ ਲਾਭਪਾਤਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ ਤੇ ਇਹ ਵੀ ਦੱਸਿਆ ਕਿ ਜਾਵੇ ਕਿ ਕਿੰਨੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ | ਸਕੱਤਰ ਸਿੰਘ ਬੱਲ ਨੇ ਵਿਕਾਸ ਕਾਰਜਾਂ ਲਈ ਜਾਰੀ ਫ਼ੰਡਾਂ ਦੀ ਵਰਤੋਂ ਸਰਟੀਫਿਕੇਟ ਜਲਦੀ ਜਮਾਂ ਕਰਵਾਉਣ ਅਤੇ ਜਮਾਂਬੰਦੀਆਂ ਦੇ ਰਿਕਾਰਡ ਨੂੰ ਅੱਪਡੇਟ ਕਰਨ ਲਈ ਵੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਤਾਂ ਜੋ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਸਕੇ | ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਲੋਕ ਹਿਤਾਂ ਵਿਚ ਜੁੜੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |