ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਤੇ ਨਾਰਦਨ ਰੇਲਵੇ ਇੰਪਲਾਈਜ਼ ਯੂਨੀਅਨ ਦੇ ਜ਼ੋਨਲ ਆਗੂ ਰੁਪੇਸ਼ ਕੁਮਾਰ, ਨੈਸ਼ਨਲ ਮੂਵਮੈਂਟ ਫ਼ਾਰ ਓਲਡ ਪੈਨਸ਼ਨ ਸਕੀਮ ਦੇ ਕਾਰਜਕਾਰੀ ਪ੍ਰਧਾਨ ਸੁਖਜੀਤ ਸਿੰਘ ਤੇ ਹਰਿਆਣਾ ਦੇ ਸੂਬਾਈ ਪ੍ਰਧਾਨ ਵਜਿੰਦਰ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਵਲੋਂ ਝੂਠੀ ਐਫ. ਆਈ. ਆਰ. ਦਰਜ ਕੀਤੇ ਜਾਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਆਗੂਆਂ ਨੇ ਕਿਹਾ ਕਿ ਭਾਵੇਂ ਸਰਕਾਰ ਵਲੋਂ ਮਜ਼ਦੂਰਾਂ ਵਿਰੁੱਧ ਜਿੰਨੇ ਮਰਜ਼ੀ ਕੇਸ ਦਰਜ ਕੀਤੇ ਜਾਣ, ਪਰ ਮੁਲਾਜ਼ਮ ਜਥੇਬੰਦੀਆਂ ਮਜ਼ਦੂਰਾਂ ਦੇ ਹੱਕਾਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਨਿੱਜੀਕਰਨ 'ਤੇ ਰੋਕ ਤੇ ਨਵੇਂ ਲੇਬਰ ਕੋਡਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਜਾਰੀ ਤੇਜ਼ ਕਰਨਗੀਆਂ | ਇਨ੍ਹਾਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਇਹ ਵਿਚਾਰਧਾਰਕ ਤੇ ਜ਼ਮੀਨੀ ਲੜਾਈ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਪਿਛਲੇ ਸਾਲ 25 ਨਵੰਬਰ ਨੂੰ ਰੇਲਵੇ ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਜੰਤਰ ਮੰਤਰ ਵਿਖੇ ਵਿਸ਼ਾਲ ਰੋਸ ਵਿਖਾਵਾ ਕੀਤਾ ਗਿਆ ਸੀ, ਜਿਸ ਤੋਂ ਬੌਖਲਾਹਟ 'ਚ ਆ ਕੇ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰੇਲਵੇ ਵਰਗੇ ਮਹੱਤਵਪੂਰਨ ਕੌਮੀ ਅਦਾਰਿਆਂ ਦਾ ਬਿਨ੍ਹਾਂ ਕੁੱਝ ਸੋਚੇ ਸਮਝੇ ਨਿੱਜੀਕਰਨ ਕੀਤਾ ਜਾ ਰਿਹਾ ਹੈ ਤੇ ਬਾਹਰੀ ਵਸੀਲਿਆਂ ਨੂੰ ਉਤਸ਼ਾਹਿਤ ਕਰਕੇ ਨਵੀਆਂ ਭਰਤੀਆਂ 'ਤੇ ਅਣਮਿਥੇ ਸਮੇਂ ਲਈ ਰੋਕ ਲਗਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਹੱਕ ਖੋਹ ਕੇ ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਖ਼ਤਮ ਕਰ ਦਿੱਤਾ ਹੈ ਤੇ ਹੁਣ ਚਾਰ ਨਵੇਂ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਨੂੰ ਬੰਦੂਆ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਸਰਵਜੀਤ ਸਿੰਘ ਤੇ ਹੋਰ ਆਗੂਆਂ ਨੇ ਆਲ ਇੰਡੀਆ ਸੈਂਟਰ ਕੌਂਸਲ ਆਫ਼ ਟਰੇਡ ਯੂਨੀਅਨ ਤੇ ਉਨ੍ਹਾਂ ਵਲੋਂ ਕੀਤੇ ਵਕੀਲਾਂ ਦਾ ਧੰਨਵਾਦ ਕੀਤਾ |