ਸੁਲਤਾਨਪੁਰ ਲੋਧੀ, 27 ਅਪ੍ਰੈਲ (ਨਰੇਸ਼ ਹੈਪੀ)-ਸੂਬਾ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿਚ ਘੇਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ 'ਆਪ' ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਅਨੇਕਾਂ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ | ਨਸ਼ੇ ਨਾਲ ਮਰੇ ਗਾਜ਼ੀਪੁਰ ਦੇ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਰਣਜੀਤ ਸਿੰਘ ਖੋਜੇਵਾਲ ਨੇ ਤਾਜ਼ੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਪਿੰਡ ਗਾਜੀਪੁਰ ਤੋਂ ਇਕ ਵਾਰ ਫਿਰ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਨਸ਼ੇ ਦੇ ਕਹਿਰ ਨੇ ਇਕ ਹੋਰ ਮਾਂ ਦਾ ਘਰ ਉਜਾੜ ਦਿੱਤਾ | ਇਕ ਮਾਂ, ਜਿਸ ਦੇ ਪਹਿਲਾਂ ਹੀ ਇਕ ਪੁੱਤ ਨੂੰ ਨਸ਼ੇ ਨੇ ਨਿਗਲ ਲਿਆ ਸੀ, ਹੁਣ 6 ਮਹੀਨੇ ਦੇ ਅੰਦਰ ਹੀ ਦੂਜੇ ਜਵਾਨ ਪੁੱਤ ਦੀ ਲਾਸ਼ ਨੂੰ ਕੀਰਨੇ ਪਾ ਕੇ ਰੋਣ ਲਈ ਮਜਬੂਰ ਹੋ ਗਈ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਾ ਕੋਈ ਹਿਸਾਬ ਨਹੀਂ ਹੈ ਕਿਉਂਕਿ ਕਈ ਪਰਿਵਾਰ ਸ਼ਰਮ ਤੇ ਇੱਜ਼ਤ ਕਾਰਨ ਨਹੀਂ ਦੱਸਦੇ ਹਨ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਨਸ਼ੇ ਨਾਲ ਹੋਈ ਹੈ | ਖੋਜੇਵਾਲ ਨੇ ਕਿਹਾ ਕਿ ਪੰਜਾਬ 'ਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਪ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਹਾਲਾਤ ਸੁਧਰਨ ਦੀ ਬਜਾਏ ਹੋਰ ਵਿਗੜ ਗਈ ਹੈ | ਇਸ ਮੌਕੇ ਸੁਲਤਾਨਪੁਰ ਲੋਧੀ ਦੇ ਮੰਡਲ ਪ੍ਰਧਾਨ ਰਾਕੇਸ਼ ਪੂਰੀ, ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਯੂਥ ਭਾਜਪਾ ਸੁਲਤਾਨਪੁਰ ਲੋਧੀ ਦੇ ਸ਼ਹਿਰੀ ਪ੍ਰਧਾਨ ਵਿਨੀ ਸ਼ਰਮਾ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਰਵਿੰਦਰ ਜੈਨ, ਹਿਊਮਨ ਰਾਈਟਸ ਸੈੱਲ ਦੇ ਰਾਜਿੰਦਰ ਕੁਮਾਰ, ਪਿ੍ੰਸ ਗਾਜ਼ੀਪੁਰ ਆਦਿ ਵੀ ਹਾਜ਼ਰ ਸਨ |