ਸੁਲਤਾਨਪੁਰ ਲੋਧੀ, 3 ਮਈ (ਨਰੇਸ਼ ਹੈਪੀ)-ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 182ਵੇਂ ਸ਼ਹੀਦੀ ਜੋੜ ਮੇਲੇ ਸਤਾਈਆਂ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਸੁਚੱਜੀ ਅਗਵਾਈ ਤਹਿਤ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚ ਕੇ ਜੈਕਾਰਿਆਂ ਦੀ ਗੂੰਜ ਵਿਚ ਸੰਪੰਨ ਹੋਇਆ | ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ ਤੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ | ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਨਗਰ ਕੀਰਤਨ ਦੇ ਸਮਾਪਤੀ ਦੀ ਅਰਦਾਸ ਹੋਈ | ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਨਗਰ ਕੀਰਤਨ ਦੀ ਆਰੰਭਤਾ ਤੋਂ ਲੈ ਕੇ ਸਮਾਪਤੀ ਤੱਕ ਦੇ ਸਫ਼ਰ ਦੌਰਾਨ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਦੀਆਂ ਸੰਗਤਾਂ ਵਾਸਤੇ ਵਿਸ਼ਾਲ ਲੰਗਰ ਲਗਾਏ ਗਏ | ਨਗਰ ਕੀਰਤਨ ਦੀਆਂ ਸਮੁੱਚੀਆਂ ਸੰਗਤਾਂ ਵਾਸਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਵਿਸ਼ਾਲ ਲੰਗਰਾਂ ਦਾ ਆਯੋਜਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਇੰਦਰਜੀਤ ਸਿੰਘ ਬਜਾਜ ਠੱਟਾ ਨਵਾਂ ਵੱਲੋਂ ਨਿਭਾਈ ਗਈ |