ਕਪੂਰਥਲਾ, 6 ਮਈ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਸਟੇਟ ਗੁਰਦੁਆਰਾ ਸਾਹਿਬ ਵਿਚ ਹੋਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 15 ਮਈ ਨੂੰ ਚੰਡੀਗੜ੍ਹ ਵਿਚ ਰਾਜ ਭਵਨ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਦੇ ਸਵਾਲ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੇ ਜਾਣ ਵਿਰੁੱਧ ਕਿਸਾਨਾਂ ਨੂੰ ਸੰਘਰਸ਼ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਚਿੱਟੇ ਦਿਨ ਵਾਂਗ ਸਾਫ਼ ਹੈ ਕਿ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਆਈਆਂ ਉਨ੍ਹਾਂ ਨੇ ਪਾਣੀਆਂ ਦੇ ਮਸਲੇ ਤੇ ਰਾਜਧਾਨੀ ਦੇ ਸਵਾਲ 'ਤੇ ਪੰਜਾਬ ਨਾਲ ਧੱਕਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜੰਗ ਕਾਰਨ ਗੈਸ, ਤੇਲ ਦੀਆਂ ਕੀਮਤਾਂ ਤੇ ਹੋਰ ਵਸਤਾਂ ਵਿਚ ਹੋ ਰਹੇ ਵਾਧੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੁਦਰਤੀ ਕਰੋਪੀ ਤੇ ਹੜ੍ਹਾਂ ਨਾਲ ਬਰਬਾਦ ਹੋਈ ਸਾਉਣੀ ਦੀ ਫ਼ਸਲ ਤੇ ਗੜਿਆਂ ਨਾਲ ਬਰਬਾਦ ਹੋਈਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ੇ ਦੇ ਤੌਰ 'ਤੇ ਕੁੱਝ ਨਹੀਂ ਦਿੱਤਾ ਗਿਆ | ਮੀਟਿੰਗ ਵਿਚ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਅਮਰੀਕ ਸਿੰਘ ਰੱਤੜਾ, ਨਿਰਮਲ ਸਿੰਘ ਬਾਜਾ, ਸੁਖਦੇਵ ਸਿੰਘ ਮੁਰਾਦਪੁਰ, ਬਲਬੀਰ ਸਿੰਘ ਮੁਰਾਦਪੁਰ, ਜਥੇ. ਪਰਵਿੰਦਰ ਸਿੰਘ, ਪ੍ਰਗਟ ਸਿੰਘ ਕਾਲਾ ਸੰਘਿਆਂ, ਭਗਵੰਤ ਸਿੰਘ ਆਦਿ ਹਾਜ਼ਰ ਸਨ ਆਦਿ ਹਾਜ਼ਰ ਸਨ |