ਕਪੂਰਥਲਾ, 6 ਮਈ (ਸਡਾਨਾ)-ਸੂਬਾ ਸਰਕਾਰ ਨੂੰ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਲਈ ਉਨ੍ਹਾਂ ਵਲੋਂ ਕਾਫ਼ੀ ਯਤਨ ਕੀਤੇ ਗਏ ਸਨ ਤੇ ਮੌਜੂਦਾ ਸਮੇਂ ਦੌਰਾਨ ਵੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਭਰਤੀ ਨਾ ਹੋਣ ਕਾਰਨ ਵੱਡੇ ਪੱਧਰ 'ਤੇ ਸਫ਼ਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਆਮ ਜਨਤਾ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਮੌਜੂਦਾ ਸਥਿਤੀ ਵਿਚ ਨਗਰ ਨਿਗਮ ਦੇ ਕਰਮਚਾਰੀ ਜੋ ਕਿ ਬਹੁਤ ਘੱਟ ਗਿਣਤੀ ਵਿਚ ਹਨ, ਕਾਫ਼ੀ ਦਬਾਅ ਹੇਠ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ ਤੇ ਉਨ੍ਹਾਂ ਵਲੋਂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਦੇ ਕਾਰਨ ਸਮਰਥਨ ਦਿੰਦੇ ਹੋਏ ਜੋ ਆਪਣੇ ਨਿੱਜੀ ਖ਼ਰਚੇ ਤੇ ਉਨ੍ਹਾਂ ਵਲੋਂ ਸ਼ਹਿਰ ਵਿਚੋਂ ਕੂੜਾ ਚੁਕਵਾਇਆ ਜਾਂਦਾ ਸੀ, ਉਸ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ | ਜਦੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਉਪਰੰਤ ਹੜਤਾਲ ਖ਼ਤਮ ਹੋਵੇਗੀ, ਫਿਰ ਤੋਂ ਕੂੜਾ ਚੁਕਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਨੇ ਕਿਹਾ ਕਿ ਸੂਬਾ ਸਰਕਾਰ ਤੁਰੰਤ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਕੀਤੀ ਗਈ ਹੜਤਾਲ ਨੂੰ ਖ਼ਤਮ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ ਦੀ ਭਰਤੀ ਨਹੀਂ ਹੋ ਸਕੀ, ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ |