ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਨਿਰਧਾਰਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖਲ ਕਰਨ ਦੀ ਆਖ਼ਰੀ ਮਿਤੀ 16 ਮਈ ਦਿਨ ਸ਼ਨੀਵਾਰ ਹੋਵੇਗੀ, 18 ਮਈ ਦਿਨ ਸੋਮਵਾਰ ਨੂੰ ਨਾਮਜ਼ਦਗੀ ਪਰਚਿਆਂ ਦੀ ਪੜਤਾਲ ਹੋਵੇਗੀ ਤੇ 19 ਮਈ ਦਿਨ ਮੰਗਲਵਾਰ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਸਕਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਦੇ 50 ਵਾਰਡਾਂ ਵਿਚ 84 ਬੂਥ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਵਿਚ 16 ਪੋਿਲੰਗ ਬੂਥ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਦੀ ਚੋਣ ਲਈ ਨਾਮਜ਼ਦਗੀ ਪਰਚੇ ਵਾਰਡ ਨੰਬਰ-1 ਤੋਂ 17 ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 215 ਦਫ਼ਤਰ ਤਹਿਸੀਲਦਾਰ ਵਿਚ ਆਰ.ਟੀ.ਓ. ਕਪੂਰਥਲਾ ਹਰਕਰਮ ਸਿੰਘ ਰੰਧਾਵਾ ਤੇ ਵਾਰਡ ਨੰਬਰ 18 ਤੋਂ ਲੈ ਕੇ 34 ਲਈ ਨਾਮਜ਼ਦਗੀ ਪਰਚੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਕਮਰਾ ਨੰਬਰ 308 ਤੀਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹਰਸ਼ਰਨਜੀਤ ਸਿੰਘ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਲੋਂ ਪ੍ਰਾਪਤ ਕੀਤੇ ਜਾਣਗੇ | ਇਸ ਤਰ੍ਹਾਂ ਵਾਰਡ ਨੰਬਰ 35 ਤੋਂ 50 ਲਈ ਨਾਮਜ਼ਦਗੀ ਪਰਚੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਦੇ ਕਮਰਾ ਨੰਬਰ 513 ਪੰਜਵੀਂ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਲਏ ਜਾਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਲਈ ਨਾਮਜ਼ਦਗੀ ਪਰਚੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਕੱਤਰ ਦੇ ਦਫ਼ਤਰ ਵਿਚ ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ ਵਲੋਂ ਲਏ ਜਾਣਗੇ | ਅਕਾਸ਼ ਬਾਂਸਲ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨਿਰਪੱਖ, ਸੁਤੰਤਰ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ |