ਨਡਾਲਾ, 12 ਮਈ (ਰਘਬਿੰਦਰ ਸਿੰਘ)-ਸਥਾਨਕ ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਤੀਜਾ 100 ਫ਼ੀਸਦੀ ਲਿਆ ਕੇ ਇਲਾਕੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਲਕ ਸਹੋਤਾ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸਿਮਰਨਜੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਮਾਸਟਰ ਬਲਦੇਵ ਰਾਜ, ਮੈਨੇਜਮੈਂਟ ਡਾਇਰੈਕਟਰ ਨਰੇਸ਼ ਸ਼ਰਮਾ ਅਤੇ ਪਿ੍ੰਸੀਪਲ ਨਰਿੰਦਰਜੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਸਦਕਾ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਵਚਨਬੱਧ ਹੈ |