ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਸਾਉਣੀ ਦੀ ਫ਼ਸਲ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਤੇ ਖਾਦਾਂ ਦੀ ਕਾਲਾ ਬਾਜ਼ਾਰੀ ਰੋਕਣ ਲਈ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਬਣਾਈ ਗਈ ਇਸ ਟਾਸਕ ਫੋਰਸ ਦੇ ਮੁਖੀ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਹੋਣਗੇ, ਜਦਕਿ ਐੱਸ.ਐੱਸ.ਪੀ. ਕਪੂਰਥਲਾ ਤੇ ਮੁੱਖ ਖੇਤੀਬਾੜੀ ਅਫ਼ਸਰ (ਕਨਵੀਨਰ), ਖੇਤੀਬਾੜੀ ਅਫ਼ਸਰ (ਹੈੱਡ ਕੁਆਟਰ) ਤੇ ਖੇਤੀਬਾੜੀ ਵਿਕਾਸ ਅਫ਼ਸਰ ਨਡਾਲਾ ਇਸਦੇ ਮੈਂਬਰ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਇਹ ਟਾਸਕ ਫੋਰਸ ਖਾਦਾਂ ਦੀ ਵਿੱਕਰੀ ਤੇ ਆਈ.ਐਫ.ਐੱਮ.ਐੱਸ. ਪ੍ਰਣਾਲੀ ਰਾਹੀਂ ਤਿੱਖੀ ਨਜ਼ਰ ਰੱਖੇਗੀ ਤੇ ਖਾਦਾਂ ਦੀ ਕਿਸੇ ਵੀ ਤਰ੍ਹਾਂ ਅਸਧਾਰਨ ਵਿੱਕਰੀ ਦੀ ਜਾਂਚ ਕਰੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਖਾਦਾਂ ਦੀ ਜਮਾਂਖੋਰੀ, ਕਾਲਾ ਬਾਜ਼ਾਰੀ ਜਾਂ ਖੇਤੀਬਾੜੀ ਤੋਂ ਇਲਾਵਾ ਕਿਸੇ ਹੋਰ ਕੰਮ ਲਈ ਵਰਤੋਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸਬੰਧੀ ਟੀਮਾਂ ਵਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਖਾਦਾਂ ਨਿਯਮਿਤ ਸਪਲਾਈ ਉਪਲਬਧ ਹੈ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਇਹ ਯਕੀਨੀ ਬਣਾਏਗੀ ਕਿਸਾਨਾਂ ਨੂੰ ਸਹੀ ਸਮੇਂ ਤੇ ਸਹੀ ਸਥਾਨ 'ਤੇ ਖਾਦ ਉਪਲਬਧ ਹੋਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਅਨੁਸਾਰ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਤੇ ਬਦਲਵੀਆਂ ਖਾਦਾਂ ਐਨ.ਪੀ.ਕੇ., ਐੱਸ.ਐੱਸ.ਪੀ. ਤੇ ਜੈਵਿਕ ਖਾਦਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ | ਅਕਾਸ਼ ਬਾਂਸਲ ਨੇ ਦੱਸਿਆ ਕਿ ਟਾਸਕ ਫੋਰਸ ਸਾਉਣੀ ਦੇ ਸੀਜ਼ਨ ਦੌਰਾਨ ਨਿਯਮਿਤ ਮੀਟਿੰਗਾਂ ਕਰੇਗੀ ਤੇ ਹਰ 15 ਦਿਨਾਂ ਬਾਅਦ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪੇਗੀ |