ਕਪੂਰਥਲਾ, 13 ਮਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਮ ਦੇ ਦਫ਼ਤਰ ਮੂਹਰੇ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਤੇ ਧਰਨਾ ਅੱਜ 8ਵੇਂ ਦਿਨ ਵਿਚ ਦਾਖਲ ਹੋ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੋਸ਼ ਲਗਾਏ | ਇਸੇ ਦੌਰਾਨ ਹੀ ਜ਼ਿਲ੍ਹਾ ਟਰੇਡ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਜਸਬੀਰ ਸਿੰਘ ਸਰਾ, ਸਰਪ੍ਰਸਤ ਕਾਮਰੇਡ ਕੇ.ਐਲ. ਕੌਸ਼ਲ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਕੁਲਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਮੁਕੰਦ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਹਰਿੰਦਰ ਸਿੰਘ ਚੀਮਾ, ਅਸ਼ੋਕ ਕੁਮਾਰ, ਵਿਨੋਦ ਕਪੂਰ ਤੇ ਮਨਜੀਤ ਸਿੰਘ ਸੈਣੀ ਨੇ ਆਪਣੇ ਸਾਥੀਆਂ ਨਾਲ ਧਰਨੇ ਵਿਚ ਸ਼ਾਮਲ ਹੋਏ ਤੇ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਪੈਨਸ਼ਨਰਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਂਦਿਆਂ ਸਾਰ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦੇਣਗੇ, ਪਰ ਹੁਣ ਸਰਕਾਰ ਦੇ ਰਾਜ ਦੇ ਸਾਢੇ 4 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਹੀਂ ਦਿੱਤਾ | ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਮੁਲਾਜ਼ਮਾਂ ਦੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਟਰੇਡ ਯੂਨੀਅਨ ਤੇ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਤੇ ਕੁਲਹਿੰਦ ਕਿਸਾਨ ਸਭਾ ਉਨ੍ਹਾਂ ਦੇ ਸੰਘਰਸ਼ ਵਿਚ ਡੱਟ ਕੇ ਸਾਥ ਦੇਵੇਗੀ | ਇਸ ਮੌਕੇ ਬੋਲਦਿਆਂ ਗੋਪਾਲ ਥਾਪਰ ਨੇ ਕਿਹਾ ਕਿ ਜਿੰਨੀ ਦੇਰ ਤੱਕ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਤੇ ਅਗਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |