ਕਪੂਰਥਲਾ, 20 ਮਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਕਿਸੇ ਵੀ ਪੈਟਰੋਲ ਪੰਪ 'ਤੇ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਤੇ ਨਾ ਹੀ ਗੱਡੀਆਂ ਵਿਚ ਤੇਲ ਭਰਾਉਣ 'ਤੇ ਕੋਈ ਪਾਬੰਦੀ ਹੈ ਤੇ ਲੋਕ ਆਪਣੀ ਆਮ ਲੋੜ ਅਨੁਸਾਰ ਤੇਲ ਅਤੇ ਗੈਸ ਦੀ ਵਰਤੋਂ ਕਰਨ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਪੈਟਰੋਲ ਪੰਪ ਤੇ ਗੈਸ ਏਜੰਸੀ ਦੇ ਮਾਲਕਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ ਵਿਚ ਲੋੜੀਂਦਾ ਸਟਾਕ ਉਪਲਬਧ ਹੈ, ਜਿਸ ਕਾਰਨ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀ ਸਪਲਾਈ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਫ਼ੇਲ੍ਹ ਰਹੀਆਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਤੇ ਪੈਨਿਕ ਬੁਕਿੰਗ ਜਾਂ ਬੇਲੋੜਾ ਸਟਾਕ ਇਕੱਤਰ ਕਰਨ ਤੋਂ ਗੁਰੇਜ਼ ਕਰਨ | ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀ ਕਮੀ ਸਬੰਧੀ ਖ਼ਬਰਾਂ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਬਿਨਾਂ ਵਜ੍ਹਾ ਘਬਰਾਹਟ ਦਾ ਮਾਹੌਲ ਪੈਦਾ ਹੋ ਗਿਆ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਬੰਧਿਤ ਵਿਭਾਗਾਂ, ਤੇਲ ਮਾਰਕੀਟਿੰਗ ਕਰਨ ਵਾਲੀਆਂ ਕੰਪਨੀਆਂ ਨਾਲ ਨਿਰੰਤਰ ਸੰਪਰਕ ਬਣਾਇਆ ਹੋਇਆ ਹੈ ਤਾਂ ਜੋ ਆਮ ਲੋਕ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸਿਰਫ਼ ਅਧਿਕਾਰਤ ਜਾਣਕਾਰੀ 'ਤੇ ਹੀ ਭਰੋਸਾ ਕਰਨ ਤੇ ਅਫ਼ਵਾਹਾਂ ਫੈਲਾਉਣ ਵਾਲੇ ਤੱਥਾਂ ਤੋਂ ਸਾਵਧਾਨ ਰਹਿਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਗਲਤ ਢੰਗ ਨਾਲ ਅਫ਼ਵਾਹਾਂ ਫੈਲਾ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਵਿਚ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਰਸ਼ਰਨਜੀਤ ਸੰਘ ਤੋਂ ਇਲਾਵਾ ਜ਼ਿਲ੍ਹੇ ਦੇ ਪੈਟਰੋਲ ਪੰਪ ਤੇ ਗੈਸ ਏਜੰਸੀਆਂ ਦੇ ਮਾਲਕ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |