ਭੁਲੱਥ, 20 ਮਈ (ਮੇਹਰ ਚੰਦ ਸਿੱਧੂ)-ਦੇਸ਼ ਅੰਦਰ ਮਹਿੰਗਾਈ, ਬੇਰੁਜ਼ਗਾਰੀ ਤੇ ਟੈਕਸਾਂ ਦੇ ਬੋਝ ਤੋਂ ਪ੍ਰੇਸ਼ਾਨ ਜਨਤਾ ਹੁਣ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਸਮਝ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਭਿੰਦਾ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ ਬੋਪਾਰਾਏ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਪੰਥਜੀਤ ਸਿੰਘ ਪੱਡਾ, ਜ਼ਿਲ੍ਹਾ ਕੈਸ਼ੀਅਰ ਬਲਵੀਰ ਸਿੰਘ ਪੰਡੋਰੀ , ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਭਗਵਾਨਪੁਰ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਹੋਰ ਬੜਾਵਾ ਦਿੱਤਾ ਹੈ, ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੋਣਾਂ ਤੋਂ ਬਾਅਦ ਐਲ.ਪੀ.ਜੀ. ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਇੱਕ ਨਵਾਂ ਬੰਬ ਸੁੱਟਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਸਨ, ਉਦੋਂ ਵੀ ਕੇਂਦਰ ਸਰਕਾਰ ਨੇ ਜਨਤਾ ਨੂੰ ਕੋਈ ਰਾਹਤ ਨਹੀਂ ਦਿੱਤੀ ਤੇ ਭਾਰੀ ਟੈਕਸ ਲਗਾਉਣਾ ਜਾਰੀ ਰੱਖਿਆ | ਉਨ੍ਹਾਂ ਕਿਹਾ ਕਿ 12 ਸਾਲਾਂ ਤੋਂ ਇਹ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਖਾਲੀ ਕਰਨ ਵਿੱਚ ਰੁੱਝੀ ਹੋਈ ਹੈ ਤੇ ਰਾਹਤ ਨਹੀਂ ਦੇ ਰਹੀ, ਆਗੂਆਂ ਨੇ ਕਿਹਾ ਕਿ ਮਹਿੰਗਾਈ ਬੇਰੁਜ਼ਗਾਰੀ ਤੇ ਟੈਕਸਾਂ ਦੀ ਬੋਝ ਤੋਂ ਪਰੇਸ਼ਾਨ ਜਨਤਾ ਨੂੰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਸਮਝ ਚੁੱਕੀ ਹੈ, ਜਿਸ ਕਰਕੇ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੇ ਪੰਜ ਪੰਜ ਰੁਪਏ ਘਟਾ ਕੇ ਲੋਕਾਂ ਨੂੰ ਰਾਹਤ ਦੇਣ ਲਈ ਵੈਟ ਘਟਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਤੁਰੰਤ ਵੈਟ ਨਹੀਂ ਘਟਾਉਂਦੀ ਤਾਂ ਇਹ ਸਪਸ਼ਟ ਹੋ ਜਾਵੇਗਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਮਿਲ ਕੇ ਜਨਤਾ ਤੇ ਮਹਿੰਗਾਈ ਦਾ ਬੋਝ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਹਮੇਸ਼ਾ ਵਿਸ਼ਵ ਵਿਆਪੀ ਹਾਲਾਤਾਂ ਨੂੰ ਬਹਾਨੇ ਵਜੋਂ ਵਰਤਦੇ ਹੋਏ ਆਮ ਲੋਕਾਂ 'ਤੇ ਵਿੱਤੀ ਬੋਝ ਪਾਉਂਦੀ ਰਹੀ ਹੈ | ਜਦੋਂ ਕਿ ਸੱਚਾਈ ਇਹ ਹੈ ਕਿ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਪੈਟਰੋਲੀਅਮ ਉਤਪਾਦਾਂ ਤੇ ਟੈਕਸਾਂ ਰਾਹੀ ਜਨਤਾ ਤੋਂ ਭਾਰੀ ਰਕਮ ਵਸੂਲ ਰਹੀ ਹੈ, ਉਨ੍ਹਾਂ ਕਿਹਾ ਕਿ ਸੰਨ 2014 ਤੋਂ 2025 ਦੇ ਵਿਚਕਾਰ ਪੈਟਰੋਲ ਤੇ ਔਸਤਨ 19. 70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 15.50 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲਗਾ ਕੇ ਲੋਕਾਂ ਨੂੰ ਲਗਾਤਾਰ ਲੁੱਟਿਆ ਗਿਆ | ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਐਕਸਾਈਜ਼ ਡਿਊਟੀ ਨੂੰ 21 ਵਾਰ ਵਧਾਇਆ ਗਿਆ ਤੇ ਬੀਤੀ 27 ਮਾਰਚ ਨੂੰ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਸੰਕੇਤਕ ਐਲਾਨ ਕੀਤਾ ਸੀ, ਪਰ ਇਸ ਦਾ ਲਾਭ ਜਨਤਾ ਤੱਕ ਨਹੀਂ ਪਹੁੰਚਿਆ, ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਰ ਪ੍ਰਚਾਰ ਤੇ ਸੁਰਖ਼ੀਆਂ ਪ੍ਰਬੰਧਨ ਦੀ ਰਾਜਨੀਤੀ ਕਰ ਰਹੀ ਹੈ, ਜਦ ਕਿ ਅਸਲ ਲਾਭ ਤੇਲ ਕੰਪਨੀਆਂ ਨੂੰ ਹੋਇਆ ਹੈ |