ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਪੰਜਾਬ ਸਰਕਾਰ ਵਲੋਂ ਪ੍ਰਮੁੱਖ ਮੰਗਾਂ ਮੰਨੇ ਜਾਣ ਤੋਂ ਬਾਅਦ ਅੱਜ 17ਵੇਂ ਦਿਨ ਮੁਲਾਜ਼ਮਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ | ਜਿਸ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਕਿਉਂਕਿ ਪਿਛਲੇ ਦਿਨਾਂ ਤੋਂ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਦੀਆਂ ਸੜਕਾਂ, ਚੌਂਕਾਂ ਤੇ ਗਲੀਆਂ ਵਿਚ ਲੱਗੇ ਕੂੜੇ ਦੇ ਢੇਰ ਬਦਬੂ ਮਾਰ ਰਹੇ ਸਨ, ਜਿਸ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਨਿਗਮ ਦੇ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਹੁੰਦਿਆਂ ਸਾਰ ਹੀ, ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ | ਇਹ ਖ਼ਬਰ ਦੀਆਂ ਸਤਰਾਂ ਸਾਢੇ 6 ਵਜੇ ਤੱਕ ਲਿਖੇ ਜਾਣ ਤੱਕ ਮੁਲਾਜ਼ਮਾਂ ਨੇ ਸ਼ਾਲੀਮਾਰ ਬਾਗ ਰੋਡ, ਰਾਣੀ ਸਾਹਿਬਾ ਮੰਦਿਰ ਦੇ ਸਾਹਮਣੇ ਤੇ ਆਹੂਜਾ ਸਵੀਟ ਸ਼ਾਪ ਦੇ ਸਾਹਮਣੇ ਲੱਗੇ ਕੂੜੇ ਦੇ ਢੇਰ ਚੁੱਕ ਕੇ ਇਨ੍ਹਾਂ ਥਾਵਾਂ ਦੀ ਸਾਫ਼ ਸਫ਼ਾਈ ਕਰ ਦਿੱਤੀ | ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਤੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੈਂਬਰ ਗੋਪਾਲ ਥਾਪਰ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ | ਲੰਮਾ ਸਮਾਂ ਚੱਲੀ ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਹਰ ਕੈਟਾਗਰੀ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਡੀ.ਸੀ. ਰੇਟ 'ਤੇ ਕਰਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇਣ ਤੇ ਭਵਿੱਖ ਵਿਚ ਵੀ ਡੀ.ਸੀ. ਰੇਟ 'ਤੇ ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨ ਤੇ ਹੋਰ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ | ਗੋਪਾਲ ਥਾਪਰ ਨੇ ਦੱਸਿਆ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕੰਮ ਛੋੜ ਹੜਤਾਲ ਕਰਕੇ ਧਰਨੇ 'ਤੇ ਬੈਠੇ ਮੁਲਾਜ਼ਮ ਮੁੜ ਆਪਣੇ ਕੰਮ 'ਤੇ ਜੁਟ ਗਏ ਹਨ | ਉਨ੍ਹਾਂ ਕਿਹਾ ਕਿ ਰਿਆਸਤੀ ਸ਼ਹਿਰ ਕਪੂਰਥਲਾ ਵਿਚ ਜਿੱਥੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੂੜਾ ਚੁੱਕਣ ਦਾ ਕੰਮ ਠੱਪ ਹੋ ਕੇ ਰਹਿ ਗਿਆ ਸੀ ਤੇ ਹੁਣ ਵੱਖ-ਵੱਖ ਥਾਵਾਂ 'ਤੇ ਇਕੱਤਰ ਹੋਇਆ ਕੂੜਾ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਤੇਜੀ ਨਾਲ ਚੁੱਕਿਆ ਜਾ ਰਿਹਾ ਹੈ ਤੇ ਸ਼ਹਿਰ ਵਿਚੋਂ ਕੂੜਾ ਚੁੱਕਣ ਦਾ ਕੰਮ 22 ਮਈ ਸ਼ਾਮ ਤੱਕ ਮੁਕੰਮਲ ਕਰ ਲਿਆ ਜਾਵੇਗਾ |