ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ਵਿਚ ਕੀਤੇ ਗਏ ਵਾਧੇ ਦੀ ਰਿਪੋਰਟ ਅਤੇ ਫਾਰਮ ਏ, ਬੀ, ਸੀ, ਡੀ ਸਮੇਤ ਬੈਲੇਂਸ ਸ਼ੀਟ ਦਾ ਪੂਰਾ ਰਿਕਾਰਡ ਤਿਆਰ ਕਰਕੇ ਅਗਲੇ 10 ਦਿਨਾਂ ਵਿਚ ਸਕੱਤਰ ਫ਼ੀਸ ਰੈਗੂਲੇਟਰੀ ਕਮੇਟੀ ਕੋਲ ਹਲਫ਼ੀਆ ਬਿਆਨ ਸਮੇਤ ਜਮ੍ਹਾ ਕਰਵਾਉਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਫ਼ੀਸ ਰੈਗੂਲਰ ਬਾਡੀ ਕਪੂਰਥਲਾ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪ੍ਰਾਈਵੇਟ ਸਕੂਲ ਵਿਚ ਪੜ੍ਹਦੇ ਬੱਚੇ ਦੇ ਪਿਤਾ ਦੀ ਮੌਤ ਹੋ ਜਾਂਦੀ ਹੈ ਤਾਂ 'ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ' ਦੇ ਨਿਯਮਾਂ ਅਨੁਸਾਰ ਬੱਚੇ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪ੍ਰਬੰਧਕ ਮਾਪਿਆਂ ਨੂੰ ਕਿਸੇ ਵੀ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਜਾਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰਨਗੇ ਅਤੇ ਨਾ ਹੀ ਸਕੂਲ ਦੀ ਵਰਦੀ ਦਾ ਰੰਗ ਅਤੇ ਡਿਜ਼ਾਈਨ ਸਾਲਾਂ ਬੱਧੀ ਬਦਲਿਆ ਜਾਵੇਗਾ | ਉਨ੍ਹਾਂ ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ | ਡਿਪਟੀ ਕਮਿਸ਼ਨਰ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਫ਼ੀਸ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਈਮੇਲ ਆਈ.ਡੀ. 'ਤੇ ਦਰਜ ਕਰਵਾ ਸਕਦੇ ਹਨ | ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |