ਕਪੂਰਥਲਾ, 22 ਮਈ (ਅਮਰਜੀਤ ਕੋਮਲ)-ਮਨਰੇਗਾ ਕਰਮਚਾਰੀਆਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਰੋਹ ਵਿਚ ਆਏ ਮਨਰੇਗਾ ਕਰਮਚਾਰੀਆਂ ਨੇ 30 ਮਈ ਤੱਕ ਹਰੇਕ ਬਲਾਕ ਵਿਚ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਦੇਣ ਦਾ ਫ਼ੈਸਲਾ ਲਿਆ ਹੈ | ਇਹ ਜਾਣਕਾਰੀ ਰਾਮ ਦਿੱਤਾ ਜ਼ਿਲ੍ਹਾ ਪ੍ਰਧਾਨ ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਯੂਨੀਅਨ ਆਗੂਆਂ ਨਾਲ ਤਨਖ਼ਾਹਾਂ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਂਅ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕੀਤਾ | ਉਨ੍ਹਾਂ ਕਿਹਾ ਕਿ 25 ਮਈ ਨੂੰ ਯੂਨੀਅਨ ਕਲਮ ਛੋੜ ਹੜਤਾਲ ਦੌਰਾਨ ਜ਼ਿਲ੍ਹਾ ਪੱਧਰ 'ਤੇ ਰੋਸ ਵਿਖਾਵੇ ਕਰੇਗੀ, ਜੇ ਫਿਰ ਵੀ ਮਨਰੇਗਾ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਈ ਤਾਂ ਉਹ ਆਪਣੀ ਕਲਮ ਛੋੜ ਹੜਤਾਲ ਨਿਰੰਤਰ ਜਾਰੀ ਰੱਖਣਗੇ | ਯੂਨੀਅਨ ਆਗੂ ਰਾਮ ਦਿੱਤਾ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਆਪਣੇ ਘਰ ਚਲਾਉਣ ਲਈ ਬਹੁਤ ਹੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਦੇ ਕੰਮਾਂ ਤੋਂ ਇਲਾਵਾ ਹੋਰ ਵਾਧੂ ਕੰਮ ਬਿਨ੍ਹਾਂ ਕਿਸੇ ਮਾਣ ਭੱਤੇ ਦੇ ਕਰਵਾਉਣ ਲਈ ਉਨ੍ਹਾਂ 'ਤੇ ਦਬਾਅ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਨਖ਼ਾਹਾਂ ਤੋਂ ਇਲਾਵਾ ਮਗਨਰੇਗਾ ਵਲੋਂ ਕੀਤੇ ਗਏ ਮੈਟੀਰੀਅਲ ਦੇ ਕੰਮ ਦੀ ਵੀ ਅਦਾਇਗੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਠੇਕੇਦਾਰ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਜਦੋਂ ਤੱਕ ਮਨਰੇਗਾ ਕਰਮਚਾਰੀਆਂ ਦੇ ਖਾਤਿਆਂ ਵਿਚ ਪਿਛਲੇ 6-7 ਮਹੀਨਿਆਂ ਦੀ ਤਨਖ਼ਾਹ ਨਹੀਂ ਪੈ ਜਾਂਦੀ, ਉਦੋਂ ਤੱਕ ਉਹ ਮਨਰੇਗਾ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਤੇ ਹੋਰ ਵਾਧੂ ਕੰਮਾਂ ਦਾ ਬਾਈਕਾਟ ਕਰਨਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਸੰਦੀਪ, ਸੁਖਦੇਵ ਰਾਜ, ਸੁਰਿੰਦਰ ਸਿੰਘ, ਅਮਨਦੀਪ ਕੌਰ, ਸੋਨੀਆ, ਮਨਵਿੰਦਰ ਸਿੱਧੂ, ਮੰਗਲ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |