ਕਪੂਰਥਲਾ, 23 ਮਈ (ਸਡਾਨਾ)-ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਨੂੰ ਵੱਖ-ਵੱਖ ਵਾਰਡਾਂ ਦੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਲੋਕ ਇਸ ਵਾਰ ਵੀ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਕੇ ਨਗਰ ਨਿਗਮ ਵਿਚ ਭੇਜਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਜਬੀਰ ਸਿੰਘ ਵਾਲੀਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ ਦੀ ਅਗਵਾਈ ਹੇਠ ਸ਼ਹਿਰੀ ਕਾਂਗਰਸ ਦੀ ਟੀਮ ਵੱਖ-ਵੱਖ ਵਾਰਡਾਂ ਵਿਚ ਜਾ ਕੇ ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੀ ਹੈ ਤੇ ਘਰ-ਘਰ ਜਾ ਕੇ ਵੋਟਰਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇਣ ਲਈ ਅਪੀਲ ਕੀਤੀ ਜਾ ਰਹੀ ਹੈ | ਰਾਜਬੀਰ ਵਾਲੀਆ ਨੇ ਕਿਹਾ ਕਿ ਜਿੱਥੇ ਵਿਧਾਇਕ ਰਾਣਾ ਗੁਰਜੀਤ ਸਿੰਘ ਖ਼ੁਦ ਘਰ ਘਰ ਜਾ ਕੇ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ ਉੱਥੇ ਨੁੱਕੜ ਮੀਟਿੰਗਾਂ ਕਰਨ ਦੇ ਨਾਲ-ਨਾਲ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਵਲੋਂ ਵੀ ਵੋਟਰਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ | ਰਾਜਬੀਰ ਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ |