ਕਪੂਰਥਲਾ, 24 ਮਈ (ਸਡਾਨਾ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਪੋਿਲੰਗ ਬੂਥਾਂ ਵਾਲੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੱਢਿਆ ਗਿਆ | ਜਿਸਦੀ ਅਗਵਾਈ ਐੱਸ.ਪੀ. ਗੁਰਪ੍ਰੀਤ ਸਿੰਘ ਵਲੋਂ ਕੀਤੀ ਗਈ | ਇਹ ਫਲੈਗ ਮਾਰਚ ਥਾਣਾ ਸਿਟੀ ਤੋਂ ਆਰੰਭ ਹੋ ਕੇ ਸ਼ਹਿਰੀਆਂ ਮੁਹੱਲਾ, ਉੱਚਾ ਧੋੜਾ, ਮਹਿਤਾਬਗੜ੍ਹਆਦਿ ਤੋਂ ਹੁੰਦਾ ਹੋਇਆ ਵਾਪਸ ਥਾਣਾ ਸਿਟੀ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਕਪੂਰਥਲਾ ਨਗਰ ਨਿਗਮ ਦੇ 50 ਵਾਰਡਾਂ ਲਈ 86 ਪੋਿਲੰਗ ਬੂਥ ਬਣਾਏ ਗਏ ਹਨ | ਜਿਨ੍ਹਾਂ ਵਿਚੋਂ 53 ਪੋਿਲੰਗ ਬੂਥ ਸੰਵੇਦਨਸ਼ੀਲ ਹਨ ਤੇ ਇਨ੍ਹਾਂ ਇਲਾਕਿਆਂ ਵਿਚ ਅੱਜ ਪੁਲਿਸ ਟੀਮਾਂ ਨੇ ਫਲੈਗ ਮਾਰਚ ਕੀਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਚੋਣਾਂ ਦੌਰਾਨ ਕਿਸੇ ਨੇ ਵੀ ਗੜਬੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਐੱਸ.ਪੀ. ਗੁਰਪ੍ਰੀਤ ਸਿੰਘ ਨੇ ਸ਼ਹਿਰ ਨਿਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ | ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ, ਥਾਣਾ ਸਦਰ ਮੁਖੀ ਰਣਜੀਤ ਸਿੰਘ ਤੋਂ ਇਲਾਵਾ ਪੀ.ਸੀ.ਆਰ. ਟੀਮਾਂ ਦੇ ਕਰਮਚਾਰੀ ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |