ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ 'ਤੇ ਸੂਬਾ ਟੈਕਸ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ | ਇਹ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਭਾਜਪਾ ਸਰਕਾਰ ਵਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੈਟਰੋਲ ਤੇ ਡੀਜ਼ਲ 'ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਕਰਾਂ 'ਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ | ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਜੰਗ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਅਪੈ੍ਰਲ 2022 ਤੋਂ 14 ਮਈ 2026 ਤੱਕ ਲਗਭਗ ਸਵਾ ਚਾਰ ਸਾਲ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮਾਰਚ 2022 ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ 'ਤੇ ਸੂਬਾਈ ਕਰ ਵਧਾ ਕੇ ਆਮ ਲੋਕਾਂ 'ਤੇ ਲਗਭਗ 3 ਰੁਪਏ ਪ੍ਰਤੀ ਲੀਟਰ ਦਾ ਵਾਧੂ ਬੋਝ ਪਾਇਆ ਗਿਆ ਹੈ | ਸਾਂਪਲਾ ਨੇ ਕਿਹਾ ਕਿ ਮੌਜੂਦਾ ਜੰਗ ਵਰਗੇ ਹਾਲਾਤਾਂ ਕਾਰਨ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 120 ਤੋਂ 130 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ | ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਤੇਲ ਦੀਆਂ ਕੀਮਤਾਂ 'ਚ ਕਰੀਬ 50 ਫ਼ੀਸਦੀ, ਯੂਰਪ 'ਚ 20 ਫ਼ੀਸਦੀ, ਪਾਕਿਸਤਾਨ 'ਚ 60 ਫ਼ੀਸਦੀ ਤੇ ਬੰਗਲਾਦੇਸ਼ 'ਚ 16 ਫ਼ੀਸਦੀ ਤੱਕ ਵਾਧਾ ਹੋਇਆ ਹੈ, ਜਦਕਿ ਭਾਰਤ 'ਚ ਸਿਰਫ਼ ਤਿੰਨ ਫ਼ੀਸਦੀ ਵਾਧਾ ਕੀਤਾ ਗਿਆ ਹੈ | ਸਾਂਪਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਆਪਣੇ ਕਰਾਂ ਵਿਚ ਕਟੌਤੀ ਕਰਕੇ ਇਸ 3 ਰੁਪਏ ਪ੍ਰਤੀ ਲੀਟਰ ਵਾਧੇ ਦਾ ਬੋਝ ਆਪਣੇ ਸਿਰ ਲਵੇ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ |