ਕਪੂਰਥਲਾ, 25 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਮਨਪ੍ਰੀਤ ਕੌਰ ਡਿਪਟੀ ਸੈਕਟਰੀ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਨੂੰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਕਪੂਰਥਲਾ ਪੁੱਜ ਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਕਮ ਵਧੀਕ ਚੋਣ ਅਫ਼ਸਰ ਵਰਿੰਦਰ ਸਿੰਘ ਬਾਜਵਾ ਨਾਲ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਰਸਾ ਵਿਹਾਰ ਕਪੂਰਥਲਾ ਦੇ ਸਟਰਾਂਗ ਰੂਮ ਦਾ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ | ਚੋਣ ਅਬਜ਼ਰਵਰ ਨੇ ਕਿਹਾ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਤੇ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੇ ਵੋਟਾਂ ਦੀ ਗਿਣਤੀ ਦੀ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਉਹ ਜ਼ਿਲ੍ਹੇ ਵਿਚ ਹੀ ਰਹਿਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਈਲ ਨੰਬਰ 85568-30060 ਤੇ 98883-71178 'ਤੇ ਸੰਪਰਕ ਕਰ ਸਕਦੇ ਹਨ |