ਸੁਲਤਾਨਪੁਰ ਲੋਧੀ, 26 ਮਈ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ 13 ਵਾਰਡਾਂ ਲਈ ਅੱਜ ਪਈਆਂ ਵੋਟਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਹਿਰ ਨਿਵਾਸੀਆਂ ਵੱਲੋਂ ਭਰਵਾਂ ਪਿਆਰ ਦਿੱਤੇ ਜਾਣ ਤੇ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ ਨੇ ਧੰਨਵਾਦ ਕਰਦਿਆਂ ਕਿਹਾ ਕਿ 'ਆਪ' ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਦੇ ਵੋਟਰਾਂ ਨੇ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਦੀ ਬਿਹਤਰੀ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ | ਉਨ੍ਹਾਂ ਨੇ ਕਿਹਾ ਆਜ਼ਾਦੀ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਇਮਾਨਦਾਰੀ ਨਾਲ ਪੰਜਾਬ ਦੇ ਭਲੇ ਦੀ ਗੱਲ ਕੀਤੀ ਹੈ |ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵੋਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਸੇਵਾ ਕਰਦੇ ਰਹਿਣਗੇ ਅਤੇ ਉਸਾਰੂ ਰਾਜਨੀਤੀ ਕਰਦਿਆਂ ਹਲਕੇ ਦਾ ਵਿਕਾਸ ਕਰਵਾਉਣਗੇ | ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਦੇ ਵੋਟਰਾਂ ਨੇ ਅੱਜ ਸੱਚ ਦੀ ਪਹਿਚਾਣ ਕਰਦਿਆਂ ਸਾਡਾ ਸਾਥ ਦਿੱਤਾ ਹੈ |