ਫਗਵਾੜਾ, 26 ਮਈ (ਹਰਜੋਤ ਸਿੰਘ ਚਾਨਾ)-ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 30 ਮਈ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ ਦੇ ਸਾਹਮਣੇ ਸਥਿਤ ਸਰਕਾਰੀ ਮਿਡਲ ਸਕੂਲ ਦੀ ਗਰਾਊਾਡ ਜੀ.ਟੀ. ਰੋਡ ਚੱਕ ਹਕੀਮ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ | ਚੱਬੇਵਾਲ ਨੇ ਕਿਹਾ ਕਿ ਇਹ ਸਮਾਗਮ ਬਹੁਤ ਹੀ ਇਤਿਹਾਸਕ ਤੇ ਵਿਸ਼ਾਲ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਇਸ ਲਈ ਪੰਜਾਬ ਸਰਕਾਰ ਵਲੋਂ ਸੰਗਤਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਤੇ ਸਾਡੀ ਸਾਰਿਆਂ ਦੀ ਕੋਸ਼ਿਸ਼ ਹੈ ਕਿ ਇਸ 650ਵੇਂ ਪ੍ਰਕਾਸ਼ ਉਤਸਵ ਨੂੰ ਬੇਹੱਦ ਸ਼ਰਧਾ, ਉਤਸ਼ਾਹ ਤੇ ਯਾਦਗਾਰੀ ਤਰੀਕੇ ਨਾਲ ਮਨਾਇਆ ਜਾਵੇ | ਇਸ ਦੌਰਾਨ ਪ੍ਰਬੰਧਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਸ ਤਹਿਤ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਸ਼ਹਿਰ 'ਚ ਟਰੈਫ਼ਿਕ ਦੀ ਸਮੱਸਿਆ ਤੋਂ ਬਚਣ ਲਈ ਪੁਲੀਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਰੂਟ ਪਲਾਨ ਤੇ ਪਾਰਕਿੰਗ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ | ਇਸ ਦੇ ਨਾਲ ਹੀ ਫਗਵਾੜਾ ਨਗਰ ਨਿਗਮ ਨੂੰ ਸਮਾਗਮ ਵਾਲੀ ਥਾਂ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਤੇ ਸੜਕਾਂ ਦੀ ਮੁਰੰਮਤ ਕਰਨ ਦੇ ਨਾਲ-ਨਾਲ ਸੰਗਤਾਂ ਲਈ ਸਾਫ਼ ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਤੇ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪਾਂ ਸਮੇਤ ਐਂਬੂਲੈਂਸਾਂ ਤਾਇਨਾਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਮਾਗਮ ਵਾਲੀ ਥਾਂ 'ਤੇ ਇੱਕ ਹਵਾਦਾਰ ਤੇ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ ਤੇ ਸ਼ਹਿਰ ਦੇ ਮੁੱਖ ਰਸਤਿਆਂ 'ਤੇ ਆਕਰਸ਼ਕ ਸੁਆਗਤੀ ਗੇਟ ਵੀ ਲਗਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮੁੱਚੀ ਤਿਆਰੀ 29 ਮਈ ਤੱਕ ਹਰ ਹਾਲ 'ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ 30 ਮਈ ਦੇ ਮੁੱਖ ਪ੍ਰੋਗਰਾਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ |