ਕਪੂਰਥਲਾ, 26 ਮਈ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦੇ ਮੰਗ ਕੀਤੀ ਕਿ ਨਗਰ ਨਿਗਮ ਦੀ ਚੋਣ ਤੋਂ ਇਕ ਦਿਨ ਪਹਿਲਾਂ ਵੋਟਰ ਸੂਚੀਆਂ ਵਿਚ ਫੇਰ ਬਦਲ ਕੀਤੇ ਜਾਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਕੇ ਦੋਸ਼ੀ ਅਧਿਕਾਰੀਆਂ ਵਿਰੁੱਧ ਤੁਰੰਤ ਪ੍ਰਭਾਵ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਵੋਟਾਂ ਇਕ ਵਾਰਡ ਤੋਂ ਦੂਜੇ ਵਾਰਡ ਵਿਚ ਬਦਲ ਦਿੱਤੀਆਂ ਗਈਆਂ | ਅੱਜ ਜਦੋਂ ਲੋਕ ਵੋਟਾਂ ਪਾਉਣ ਆਏ ਤਾਂ ਵੋਟਰ ਸੂਚੀਆਂ ਵਿਚ ਆਪਣੀਆਂ ਵੋਟਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਬਹੁਤ ਹੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਤੇ ਉਹ ਬਿਨਾਂ ਵੋਟ ਪਾਏ ਆਪਣੇ ਘਰਾਂ ਨੂੰ ਪਰਤ ਗਏ | ਉਨ੍ਹਾਂ ਨਗਰ ਨਿਗਮ ਦੀ ਚੋਣ ਵਿਚ ਚੂਹੜਵਾਲ ਇਲਾਕੇ ਵਿਚ ਇਕ ਸਿਆਸੀ ਧਿਰ ਵਲੋਂ ਵੋਟ ਬਦਲੇ ਕਥਿਤ ਤੌਰ 'ਤੇ ਨਸ਼ਾ ਵੰਡੇ ਜਾਣ ਦਾ ਮਾਮਲਾ ਵੀ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤੇ ਇਹ ਵੀ ਦੱਸਿਆ ਕਿ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਲੋਕੇਸ਼ਨ ਤੇ ਮੋਬਾਈਲ ਨੰਬਰ ਭੇਜੇ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜੇਕਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਅੰਮਿ੍ਤਸਰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗਾ ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ |