ਸੁਲਤਾਨਪੁਰ ਲੋਧੀ, 27 ਮਈ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਵੱਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਖ-ਵੱਖ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਸਿਧਾਂਤਾਂ ਤੇ ਰਹਿਤ ਮਰਯਾਦਾ ਦੇ ਉਲਟ ਦਰਜ ਕੀਤੀਆਂ ਗਈਆਂ ਮੱਦਾਂ ਦੇ ਵਿਰੋਧ ਵਿਚ ਵੱਖ-ਵੱਖ ਗ੍ਰੰਥੀ ਸਿੰਘ, ਪ੍ਰਚਾਰਕ, ਰਾਗੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜਥੇਦਾਰ ਮਹਿੰਦਰ ਸਿੰਘ ਆਹਲੀ ਨੇ ਸਮੁੱਚੀ ਸੰਗਤ, ਪ੍ਰਚਾਰਕਾਂ ਤੇ ਕਮੇਟੀਆਂ ਨੂੰ ਸੱਦਾ ਦਿੱਤਾ ਕਿ ਉਹ 31 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਵਿਸ਼ਾਲ ਪੰਥਕ ਕਾਨਫ਼ਰੰਸ 'ਚ ਵੱਡੀ ਗਿਣਤੀ 'ਚ ਵਹੀਰਾਂ ਘੱਤ ਕੇ ਪਹੁੰਚਣ | ਮੀਟਿੰਗ ਦੌਰਾਨ ਨਵੇਂ ਸਰਕਾਰੀ ਕਾਨੂੰਨ ਦੀਆਂ ਗੰਭੀਰ ਸੰਵਿਧਾਨਕ ਤੇ ਧਾਰਮਿਕ ਤਰੁੱਟੀਆਂ (ਕਮੀਆਂ) ਬਾਰੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ | ਜਥੇ. ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਰਕਾਰਾਂ ਦੀ ਇਹ ਜ਼ੋਰ-ਜ਼ਬਰਦਸਤੀ ਬਰਦਾਸ਼ਤ ਕਰਨ ਯੋਗ ਨਹੀਂ ਹੈ | ਇਸ ਮੌਕੇ ਸਮੂਹ ਗ੍ਰੰਥੀ ਸਿੰਘਾਂ, ਪ੍ਰਚਾਰਕਾਂ ਤੇ ਕਮੇਟੀਆਂ ਦੇ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਣ ਲਿਆ ਕਿ ਉਹ ਅੱਜ ਤੋਂ ਹੀ ਪਿੰਡ-ਪਿੰਡ ਜਾ ਕੇ ਘਰ-ਘਰ ਤੱਕ ਕਾਨੂੰਨ ਦੀਆਂ ਖ਼ਾਮੀਆਂ ਦਾ ਸੱਚ ਪਹੁੰਚਾਉਣਗੇ | ਇਸ ਮੌਕੇ ਮੈਨੇਜਰ ਬੇਰ ਸਾਹਿਬ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਸਨ |