ਕਪੂਰਥਲਾ, 27 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਝੋਨੇ ਦੀ ਲਵਾਈ ਲਈ ਨਿਰਧਾਰਿਤ ਕੀਤੀ ਗਈ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ 9 ਜੂਨ ਤੋਂ ਸ਼ੁਰੂ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲ ਪੱਕਣ ਤੱਕ ਰੋਜ਼ਾਨਾ 8 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਤਿੰਨ ਜੋਨਾਂ ਵਿਚ ਵੰਡਿਆ ਗਿਆ ਹੈ ਤੇ ਕਪੂਰਥਲਾ ਸਮੇਤ ਤੀਜੇ ਜੋਨ ਦੇ ਬਾਕੀ ਜ਼ਿਲਿ੍ਹਆਂ ਵਿਚ ਵੀ 9 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿਚ ਨਿਰਧਾਰਿਤ ਸ਼ਡਿਊਲ ਅਨੁਸਾਰ ਹੀ ਝੋਨਾ ਲਗਾਉਣ ਤੇ ਨਿਰਧਾਰਿਤ ਮਿਤੀ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ ਤਾਂ ਜੋ ਪਾਣੀ ਤੇ ਹੋਰ ਕੁਦਰਤੀ ਸਰੋਤਾਂ ਦੀ ਬੱਚਤ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸੇ ਹੋਰ ਤਰ੍ਹਾਂ ਦੀ ਜਾਣਕਾਰੀ ਤੇ ਸਹਾਇਤਾ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਜਾਂ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨਾਲ ਸੰਪਰਕ ਕਰ ਸਕਦੇ ਹਨ |