ਕਪੂਰਥਲਾ, 28 ਮਈ (ਅਮਰਜੀਤ ਕੋਮਲ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਜ਼ਿਲ੍ਹੇ ਦੇ 20 ਸੁਵਿਧਾ ਕੇਂਦਰਾਂ ਦੇ 100 ਦੇ ਕਰੀਬ ਮੁਲਾਜ਼ਮ 29 ਮਈ ਤੋਂ ਅਣਮਿਥੇ ਸਮੇਂ ਦੀ ਹੜਤਾਲ ਕਰਕੇ ਸੇਵਾ ਕੇਂਦਰਾਂ ਦਾ ਕੰਮ ਠੱਪ ਕਰਨਗੇ | ਇਹ ਜਾਣਕਾਰੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ ਦੂਲੋਵਾਲ ਨੇ ਅੱਜ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੋਈ ਇਕ ਮੀਟਿੰਗ ਦੌਰਾਨ ਦਿੱਤੀ | ਜਿਸ ਵਿਚ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਪਿਛਲੇ 10 ਸਾਲਾਂ ਤੋਂ ਹਜ਼ਾਰਾਂ ਮੁਲਾਜ਼ਮ 10 ਹਜ਼ਾਰ ਰੁਪਏ ਨਿਗੂਣੀ ਤਨਖ਼ਾਹ 'ਤੇ ਕੰਮ ਕਰ ਰਹੇ ਹਨ ਤੇ ਸੁਵਿਧਾ ਕੇਂਦਰਾਂ ਰਾਹੀਂ ਉਹ ਪੰਜਾਬ ਸਰਕਾਰ ਨਾਲ ਸਬੰਧਿਤ 467 ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾ ਰਹੇ ਹਨ, ਪ੍ਰੰਤੂ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੇ ਜਾਣ ਕਾਰਨ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸੁਵਿਧਾ ਕੇਂਦਰਾਂ ਵਿਚ ਇਕ ਪ੍ਰਾਈਵੇਟ ਕੰਪਨੀ ਦੀ ਦੇਖ ਰੇਖ ਹੇਠ ਆਊਟ ਸੋਰਸਜ਼ ਰਾਹੀਂ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਸਰਕਾਰ ਤੋਂ ਮੰਗ ਕਰ ਚੁੱਕੇ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਵਾਂਗ ਤਨਖ਼ਾਹ ਦਿੱਤੀ ਜਾਵੇ, ਪਰ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਉਹ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੁਵਿਧਾ ਕੇਂਦਰਾਂ ਦਾ ਕੰਮ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਆਊਟ ਸੋਰਸਜ਼ ਤਹਿਤ ਨਿਗੂਣੀਆਂ ਤਨਖ਼ਾਹਾਂ 'ਤੇ ਇਹ ਕਹਿ ਕੇ ਸੇਵਾ ਕੇਂਦਰਾਂ ਵਿਚ ਨਿਯੁਕਤ ਕੀਤਾ ਗਿਆ ਸੀ ਕਿ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀ ਵਿੱਦਿਅਕ ਯੋਗਤਾ ਤੇ ਕਾਬਲੀਅਤ ਦੇ ਆਧਾਰ 'ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਤੇ ਕਿਸੇ ਸਰਕਾਰ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੁਵਿਧਾ ਕੇਂਦਰ ਠੇਕੇ 'ਤੇ ਦੇ ਕੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਰਮਨਦੀਪ ਕੌਰ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਆਪਣੀ ਹੜਤਾਲ ਨਿਰੰਤਰ ਜਾਰੀ ਰੱਖੇਗੀ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮਾਝਾ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਅਣਮਿਥੇ ਸਮੇਂ ਦੀ ਹੜਤਾਲ ਵਿਚ ਸ਼ਾਮਲ ਹੋਣ ਤਾਂ ਜੋ ਸਰਕਾਰ ਨੂੰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ | ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਗੁਰਦੀਪ ਸਿੰਘ ਭੰਡਾਲ, ਸ਼ੇਰੇ ਪੰਜਾਬ ਜਥੇਬੰਦੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿਵਾਉਣ ਦਾ ਭਰੋਸਾ ਦਿਵਾਇਆ ਗਿਆ | ਮੀਟਿੰਗ ਵਿਚ ਪਰਮਿੰਦਰ ਸਿੰਘ, ਜਤਿੰਦਰ ਸਿੰਘ, ਅਜੈ ਗਿੱਲ, ਅਮਨ, ਕੁਲਜਿੰਦਰ ਸਿੰਘ ਲੋਟੀਆ, ਵਰਿੰਦਰ ਸਿੰਘ, ਮਨਿੰਦਰ ਸਿੰਘ, ਅਰਮਾਨ, ਸਿੰਘ, ਗੁਲਸ਼ਨ ਕੁਮਾਰ, ਅਕਸ਼ੇ ਕੁਮਾਰ ਰਾਣਾ, ਹਰਪਾਲ ਸਿੰਘ, ਰੂਬੀ, ਹਰਪ੍ਰੀਤ ਕੌਰ, ਸੋਨੀਆ, ਅਨੁਪਮਾ ਅਟਵਾਲ, ਹਰਪ੍ਰੀਤ ਕੌਰ, ਪੂਜਾ, ਰਜਨੀ, ਸ਼ਰਨਜੀਤ ਕੌਰ, ਸਿਮਰਨਜੀਤ ਕੌਰ, ਸੰਜਨਾ ਕੌਰ, ਗੁਰਮੀਤ ਕੌਰ, ਨੇਹਾ, ਕਿਰਨਦੀਪ ਕੌਰ ਆਦਿ ਹਾਜ਼ਰ ਸਨ |