ਕਪੂਰਥਲਾ, 30 ਮਈ (ਵਿਸ਼ੇਸ਼ ਪ੍ਰਤੀਨਿਧ)-ਨਸ਼ਾ ਵਿਰੋਧੀ ਮੁਹਿੰਮ ਵਿਚ ਕੋਤਾਹੀ ਵਰਤਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਗੱਲ ਆਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਚੱਲ ਰਹੇ ਨਸ਼ਾ ਛਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਓਟ ਕੇਂਦਰਾਂ ਅਤੇ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਵਿਚ ਜ਼ਿਲ੍ਹਾ ਕੰਟਰੋਲ ਰੂਮ ਦਾ ਨੰਬਰ ਅੰਕਿਤ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਨਸ਼ਾ ਵਿਰੋਧੀ ਮੁਹਿੰਮ ਵਿਚ ਆ ਰਹੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀਂ ਸੀ.ਐਚ.ਸੀ. ਫੱਤੂਢੀਂਗਾ ਵਿਖੇ ਓਟ ਕਲੀਨਿਕ ਦੀਆਂ ਦਵਾਈਆਂ ਚੋਰੀ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਮੁਲਾਜ਼ਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਜਾਂ ਨਿੱਜੀ ਸੈਂਟਰ ਵਿਚ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ ਤਾਂ ਉਸਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਅਜਿਹਾ ਕੰਮ ਕਰਦਾ ਪਾਇਆ ਗਿਆ ਤਾਂ ਉਸਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਰਕਾਰੀ ਸਿਹਤ ਕੇਂਦਰ ਦੇ ਮੈਡੀਕਲ ਅਫ਼ਸਰ ਦੀ ਹੋਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਨਸ਼ਾ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਕਾਨੂੰਨ ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਜਾਣ ਤੇ ਉਸੇ ਅਨੁਸਾਰ ਹੀ ਉਨ੍ਹਾਂ ਕੋਲੋਂ ਲੋੜੀਂਦੀ ਰਕਮ ਲਈ ਜਾਵੇ | ਮੀਟਿੰਗ ਵਿਚ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਸਹਾਇਕ ਕਮਿਸ਼ਨਰ ਜਨਰਲ ਕ੍ਰਿਪਾਲ ਸਿੰਘ, ਡਾ. ਸੰਦੀਪ ਭੋਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਾਹੁਲ, ਕਾਊਾਸਲਰ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |