ਕਪੂਰਥਲਾ, 30 ਮਈ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਤੰਬਾਕੂ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਤੇ ਨਸ਼ਿਆਂ ਦੇ ਸਰੀਰਕ ਮਾਨਸਿਕ ਤੇ ਸਮਾਜਿਕ ਤੌਰ 'ਤੇ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ | ਇਸੇ ਦੌਰਾਨ ਹੀ ਪੋਸਟਰ ਬਣਾਉਣ ਦੀ ਇਕ ਗਤੀਵਿਧੀ ਕਰਵਾਈ ਗਈ | ਵਿਦਿਆਰਥੀਆਂ ਵਲੋਂ ਬਣਾਏ ਗਏ ਪੋਸਟਰਾਂ ਨੇ ਤੰਬਾਕੂ ਮੁਕਤ ਸਮਾਜ ਦੀ ਲੋੜ ਅਤੇ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਕਾਲਜ ਦੀ ਐਨ.ਐਸ.ਐਸ. ਦੀ ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਉਣ ਦਾ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ | ਐਨ.ਐਸ.ਐਸ. ਦੀ ਦੂਜੀ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਸਿਹਤ ਲਈ ਹਾਨੀਕਾਰਕ ਹੈ ਤੇ ਸਮਾਜ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ | ਇਸੇ ਦੌਰਾਨ ਕਾਲਜ ਦੇ ਪਿੰ੍ਰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਨੌਜਵਾਨ ਪੀੜੀ ਨੂੰ ਤੰਬਾਕੂ ਤੇ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨਾਂ ਵਿਦਿਆਰਥੀਆਂ ਨੂੰ ਆਪਣੇ ਨਾਲ-ਨਾਲ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਯੋਗਦਾਨ ਪਾਉਣ ਲਈ ਕਿਹਾ | ਸਮਾਗਮ ਵਿਚ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ |