ਫਗਵਾੜਾ, 31 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਲਾਅ ਗੇਟ ਨੇੜੇ ਪਿੰਡ ਮਹੇੜੂ ਸਥਿਤ ਓਮ-3 ਅਪਾਰਟਮੈਂਟਸ ਕੋਲ ਆਰਟੀਆਈ ਕਾਰਕੰੁਨ ਸਿਮਰਨਜੀਤ ਸਿੰਘ ਦੇ ਕਤਲ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਸ਼ਰਨਜੀਤ ਸਿੰਘ ਨੂੰ ਅੱਜ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਜਿਥੇ ਅਦਾਲਤ ਵਲੋਂ ਉਸਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਇਸ ਕਤਲ ਕਾਂਡ ਨੂੰ ਕੁਝ ਘੰਟਿਆਂ 'ਚ ਹੀ ਸੁਲਝਾਉਂਦਿਆਂ ਮਿ੍ਤਕ ਦੇ ਮਾਮੇ ਦੇ ਪੁੱਤਰ ਸ਼ਰਨਜੀਤ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਗਿਆ ਸੀ ਕਿ ਮਿ੍ਤਕ ਤੇ ਮੁਲਜ਼ਮ ਆਪਸ 'ਚ ਰਿਸ਼ਤੇਦਾਰ ਹੋਣ ਦੇ ਨਾਲ-ਨਾਲ ਰੀਅਲ ਅਸਟੇਟ ਦਾ ਕਾਰੋਬਾਰ ਵੀ ਇਕੱਠੇ ਕਰਦੇ ਸਨ | ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਸ਼ਰਨਜੀਤ ਸਿੰਘ ਨੇ ਸਿਮਰਨਜੀਤ ਸਿੰਘ ਤੋਂ ਕਰੀਬ ਪੰਜ ਲੱਖ ਰੁਪਏ ਲੈਣੇ ਸਨ | ਘਟਨਾ ਵਾਲੇ ਦਿਨ ਦੋਵੇਂ ਪਲਾਟ ਦੇਖਣ ਲਈ ਮਹੇੜੂ ਇਲਾਕੇ ਵਿਚ ਪਹੁੰਚੇ ਸਨ, ਜਿੱਥੇ ਪੈਸਿਆਂ ਦੇ ਲੈਣ-ਦੇਣ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਹੋਈ ਤਕਰਾਰ ਨੇ ਹਿੰਸਕ ਰੂਪ ਧਾਰ ਲਿਆ | ਦੋਸ਼ ਹੈ ਕਿ ਇਸ ਦੌਰਾਨ ਸ਼ਰਨਜੀਤ ਸਿੰਘ ਨੇ ਆਪਣੇ ਸਾਥੀ ਦੇ 32 ਬੋਰ ਲਾਇਸੈਂਸੀ ਰਿਵਾਲਵਰ ਨਾਲ ਸਿਮਰਨਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ ਸੀ, ਜੋ ਉਸ ਦੇ ਸਿਰ 'ਚ ਲੱਗੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ | ਅਦਾਲਤ ਨੇ ਪੁਲਿਸ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਸ਼ਰਨਜੀਤ ਸਿੰਘ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮਾਮਲੇ ਦੇ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਜਾਂਚ 'ਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |