ਨਡਾਲਾ, 5 ਜੂਨ (ਰਘਬਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਮਾਜ ਸੇਵੀ ਹੈਪੀ ਜੁਲਕਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਸਾਲ 5000 ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੈਪੀ ਜੁਲਕਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿੰਡਾਂ ਦੇ ਸਕੂਲਾਂ, ਸਰਕਾਰੀ ਸੰਸਥਾਵਾਂ ਅਤੇ ਹੋਰ ਜਨਤਕ ਥਾਵਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਜਾਂ ਸੰਸਥਾਵਾਂ ਨੂੰ ਬੂਟਿਆਂ ਦੀ ਲੋੜ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਉੱਥੇ ਬੂਟੇ ਮੁਫ਼ਤ ਉਪਲਬਧ ਕਰਵਾਏ ਜਾ ਸਕਣ | ਹੈਪੀ ਜੁਲਕਾ ਨੇ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ | ਇਸ ਲਈ ਉਨ੍ਹਾਂ ਦੀ ਟੀਮ ਬੂਟਿਆਂ ਦੀ ਦੇਖਭਾਲ ਅਤੇ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏਗੀ ਤਾਂ ਜੋ ਲਗਾਏ ਗਏ ਬੂਟੇ ਵੱਡੇ ਦਰੱਖ਼ਤ ਬਣ ਸਕਣ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਉਣ ਲਈ ਹਰ ਵਿਅਕਤੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ | ਇਸ ਮੌਕੇ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ ਅਤੇ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |