ਕਪੂਰਥਲਾ, 5 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਨਗਰ ਨਿਗਮ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਵਿਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ | ਇਹ ਗੱਲ ਐਚ.ਐਸ. ਵਾਲੀਆ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਨੇ ਅੱਜ ਪਿੰਡ ਲੱਖਣ ਕਲਾਂ ਵਿਚ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾਈ ਉਪ ਪ੍ਰਧਾਨ ਜੀਆ ਲਾਲ ਨਾਹਰ ਦੀ ਪ੍ਰੇਰਨਾ ਨਾਲ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਪ੍ਰਮੁੱਖ ਵਿਅਕਤੀਆਂ ਰੌਣਕੀ ਰਾਮ, ਪਰਮਜੀਤ ਪੰਮਾ, ਸਰਵਣ ਸਿੰਘ, ਕਮਲ ਕੁਮਾਰ, ਰਾਜ ਕੁਮਾਰ ਰਾਜੂ, ਰਵੀ, ਮਲਕੀਤ ਸਿੰਘ, ਸੁੱਚਾ ਸਿੰਘ, ਮੇਅਰ ਸਿੰਘ, ਮਦਨ ਲਾਲ, ਬਲਵੰਤ ਸਿੰਘ, ਅਵਤਾਰ ਸਿੰਘ ਤੇ ਅਸ਼ੋਕ ਕੁਮਾਰ ਨੂੰ ਇਕ ਸੰਖੇਪ ਜਿਹੇ ਸਮਾਗਮ ਵਿਚ ਸਨਮਾਨਿਤ ਕਰਨ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਮਜ਼ਬੂਤ ਹੋ ਰਿਹਾ ਹੈ ਤੇ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ, ਉਹ ਇਕ ਮਜ਼ਬੂਤ ਤਜਰਬੇਕਾਰ, ਲੋਕ ਪੱਖੀ ਰਾਜਨੀਤਿਕ ਬਦਲ ਦੀ ਭਾਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਚੋਣ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਅਕਾਲੀ ਦਲ ਨੂੰ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਹ ਚਾਹੁੰਦੇ ਹਨ ਕਿ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਵਿਚ ਇਕ ਮਜ਼ਬੂਤ ਸਰਕਾਰ ਬਣੇ ਜੋ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਨਾਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਇੱਛਾ ਸ਼ਕਤੀ ਰੱਖੇ | ਐਚ.ਐਸ. ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਕੋਈ ਵਿਕਾਸ ਨਹੀਂ ਹੋਇਆ ਤੇ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਗਏ ਸਨ, ਉਹ ਪੂਰੇ ਨਾ ਹੋਣ ਕਾਰਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸ ਰਹੇ ਹਨ | ਇਸ ਤੋਂ ਇਲਾਵਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਵੀ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਨੂੰ ਵਿਧਾਨ ਸਭਾ ਚੋਣਾਂ ਵਿਚ ਨਕਾਰ ਕੇ ਅਕਾਲੀ ਦਲ ਨੂੰ ਸੱਤਾ ਸੌਂਪਣ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਜਥੇ. ਜਰਨੈਲ ਸਿੰਘ ਬਾਜਵਾ, ਤਲਵਿੰਦਰ ਸਿੰਘ ਸੌਂਦ ਆਦਿ ਹਾਜ਼ਰ ਸਨ |