10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰੂਸ-ਯੂਕਰੇਨ ਜੰਗ ਵਿਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਦੇ ਸੰਤ ਸੀਚੇਵਾਲ ਨੇ ਦੁੱਖ ਸੁਣੇ

Ad Position 21
No active advertisement
ਅਜੀਤ ਡੈਸਕ 08-06-2026
ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਰੂਸ-ਯੂਕਰੇਨ ਜੰਗ ਦੌਰਾਨ ਰੂਸੀ ਫ਼ੌਜ ਵਿਚ ਫਸੇ ਭਾਰਤੀ ਨੌਜਵਾਨਾਂ ਦੇ ਛੇ ਪਰਿਵਾਰਾਂ ਨੇ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਮੁਲਾਕਾਤ ਕਰਕੇ ਆਪਣੇ ਦੁਖੜੇ ਦੱਸੇ | ਸੰਤ ਸੀਚੇਵਾਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਨੂੰ ਵਿਦੇਸ਼ ਮੰਤਰੀ ਕੋਲ ਉਠਾਉਣਗੇ | ਪਰਿਵਾਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਬੱਚਿਆਂ ਨਾਲ ਗੱਲਬਾਤ ਹੋਈ ਨੂੰ 8-9 ਮਹੀਨੇ ਹੋ ਗਏ ਹਨ | ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਨ੍ਹਾਂ ਦੇ ਬੱਚੇ ਕਿਹੜੇ ਹਲਾਤਾਂ ਵਿਚ ਹਨ ਤੇ ਕਿੱਥੇ ਫ਼ਰੰਟ 'ਤੇ ਲੜਾਈ ਲੜ ਰਹੇ ਹਨ | ਟਰੈਵਲ ਏਜੰਟਾਂ ਨੇ ਉਨ੍ਹਾਂ ਦੇ ਬੱਚਿਆਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਝਾਂਸਾ ਦੇ ਕੇ ਰਸ਼ੀਅਨ ਫ਼ੌਜ ਵਿਚ ਭਰਤੀ ਹੋਣ ਲਈ ਮਜਬੂਰ ਕੀਤਾ ਸੀ | ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉੱਥੇ ਬੱਚਿਆ ਨੇ ਆਖਰੀਵਾਰ ਜਿਹੜੀਆਂ ਗੱਲਾਂ ਕੀਤੀਆਂ ਸਨ ਉਹ ਫ਼ੌਜੀ ਟ੍ਰੈਨਿੰਗ ਬਾਰੇ ਸੀ | ਬੱਚਿਆਂ ਦੇ ਖਾਤਿਆਂ ਵਿਚ 15-15 ਲੱਖ ਰਕਮ ਪਾਉਣ ਅਤੇ 2 ਲੱਖ 10 ਹਜ਼ਾਰ ਪ੍ਰਤੀ ਮਹੀਨੇ ਤਨਖ਼ਾਹ ਦੇਣ ਵਰਗੇ ਲਾਲਚ ਦਿੱਤੇ ਗਏ ਸਨ | ਕਈ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਤਾਂ ਆਪਣੇ ਬੱਚਿਆਂ ਨੂੰ ਪੜ੍ਹਨ ਵਾਸਤੇ ਭੇਜਿਆਂ ਸੀ | ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉੱਥੇ ਉਨ੍ਹਾਂ ਲੜਾਈ ਲੜਨ ਲਈ ਫ਼ਰੰਟ 'ਤੇ ਭੇਜ ਦਿੱਤਾ ਜਾਵੇਗਾ | ਪਰਿਵਾਰਾਂ ਅਨੁਸਾਰ ਜਲੰਧਰ ਦੇ ਗੁਰਸੇਵਕ ਸਿੰਘ, ਲੁਧਿਆਣਾ ਦੇ ਸਮਰਜੀਤ ਸਿੰਘ ਅਤੇ ਅੰਮਿ੍ਤਸਰ ਦੇ ਹੀਰਾ ਸਿੰਘ ਦੀ ਜੰਗ ਦੌਰਾਨ ਮੌਤ ਹੋ ਚੁੱਕੀ ਹੈ | ਸਮਰਜੀਤ ਸਿੰਘ ਅਤੇ ਗੁਰਸੇਵਕ ਸਿੰਘ ਦੀਆਂ ਮਿ੍ਤਕ ਦੇਹਾਂ ਭਾਰਤ ਪਹੁੰਚ ਚੁੱਕੀਆਂ ਹਨ | ਪਰ ਪੀੜਤ ਪਰਿਵਾਰਾਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ ਹੈ ਅਤੇ ਨਾ ਹੀ ਉਹ ਹੋਰ ਸਹੂਲਤਾਂ ਜੋ ਰੂਸੀ ਫ਼ੌਜ ਆਪਣੇ ਸੈਨਿਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੰਦੀ ਹੈ | ਪੀੜਤ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰਾਂ ਦੀ ਮੌਤ ਹੋ ਜਾਣ ਤੋਂ ਬਾਅਦ ਉਹ ਆਰਥਿਕ ਤੌਰ 'ਤੇ ਬੁਰੀ ਤਰ੍ਹਾਂ ਨਾਲ ਟੁੱਟ ਚੁੱਕੇ ਹਨ | ਪੀੜਤ ਪਰਿਵਾਰਾਂ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵੀ ਕਈ ਨੌਜਵਾਨ ਰੂਸੀ ਫ਼ੌਜ ਵਿਚ ਫਸੇ ਹੋਏ ਹਨ, ਜਿਨ੍ਹਾਂ ਦੇ ਪਰਿਵਾਰ ਚਿੰਤਾ ਅਤੇ ਅਨਿਸ਼ਚਿਤਤਾ ਵਿਚ ਜੀਵਨ ਬਤੀਤ ਕਰ ਰਹੇ ਹਨ | ਸੰਤ ਸੀਚੇਵਾਲ ਨੇ ਕਿਹਾ ਕਿ ਆਰਥਿਕ ਮਜਬੂਰੀਆਂ ਅਤੇ ਬੇਰੁਜ਼ਗਾਰੀ ਦਾ ਫ਼ਾਇਦਾ ਚੁੱਕ ਕੇ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਗੁੰਮਰਾਹ ਕਰਨਾ ਬਹੁਤ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਗੰਭੀਰਤਾ ਨਾਲ ਦਖ਼ਲ ਦੇਣਾ ਚਾਹੀਦਾ ਹੈ ਤਾਂ ਜੋ ਫਸੇ ਹੋਏ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਪਿੰਡ ਸਾਹਨੀ ਵਿਖੇ ਕਰਵਾਇਆ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24