ਸੁਲਤਾਨਪੁਰ ਲੋਧੀ, 7 ਜੂਨ (ਨਰੇਸ਼ ਹੈਪੀ)-ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਪਾਈਪਾਂ ਪਾਉਣ ਦੇ ਕੰਮ ਤੋਂ ਬਾਅਦ ਹੁਣ ਗਲੀਆਂ ਵਿਚੋਂ ਪੁਰਾਣੀਆਂ ਪਾਈਪਾਂ ਨੂੰ ਹਟਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਪਵਨ ਕਨੌਜੀਆ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਉਨ੍ਹਾਂ ਕਿਹਾ ਕਿ ਨਵੀਂ ਪਾਈਪ ਲਾਈਨ ਵਿਛਾਏ ਜਾਣ ਨਾਲ ਪਾਣੀ ਦੀ ਸਪਲਾਈ ਵਿਚ ਸੁਧਾਰ ਆਵੇਗਾ ਤੇ ਲੀਕੇਜ ਦੀ ਸਮੱਸਿਆ ਤੋਂ ਵੀ ਕਾਫ਼ੀ ਹੱਦ ਤੱਕ ਛੁਟਕਾਰਾ ਮਿਲੇਗਾ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀਆਂ ਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਗਲੀਆਂ ਵਿਚੋਂ ਕੱਢਿਆ ਜਾਵੇ | ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਪੈਦਾ ਨਾ ਹੋਵੇ | ਕੌਂਸਲਰ ਪਵਨ ਕਨੌਜੀਆ ਨੇ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਲੋਕਾਂ ਨੂੰ ਆ ਰਹੀ ਅਸਥਾਈ ਅਸੁਵਿਧਾ ਲਈ ਸਹਿਯੋਗ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਕੰਮ ਮੁਕੰਮਲ ਹੋਣ ਤੋਂ ਬਾਅਦ ਗਲੀਆਂ ਦੀ ਮੁਰੰਮਤ ਵੀ ਕਰਵਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਇਲਾਕਾ ਵਾਸੀਆਂ ਨੇ ਵੀ ਨਗਰ ਕੌਂਸਲ ਵੱਲੋਂ ਕਰਵਾਏ ਜਾ ਰਹੇ ਇਸ ਕੰਮ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਨਵੀਂ ਪਾਈਪ ਲਾਈਨ ਨਾਲ ਪਾਣੀ ਸਪਲਾਈ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ |