ਫ਼ਗਵਾੜਾ, 7 ਜੂਨ (ਹਰਜੋਤ ਸਿੰਘ ਚਾਨਾ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ.) ਦੇ ਪ੍ਰਧਾਨ ਕਰਮ ਸਿੰਘ ਧਨੋਆ, ਜਨਰਲ ਸਕੱਤਰ ਕੁਲਵਰਨ ਸਿੰਘ, ਸੂਬਾ ਸਹਾਇਕ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪਟਿਆਲਾ ਪੁਲਿਸ ਪ੍ਰਸ਼ਾਸਨ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਹਾਇਕ ਲਾਈਨਮੈਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸਿਪਾਹੀਆਂ ਨਾਲ ਮਿਲ ਕੇ ਆਪ ਵੀ ਇਨ੍ਹਾਂ ਫੁੱਲਾਂ ਵਰਗੇ ਮਲੂਕ ਬੱਚਿਆਂ ਨੂੰ ਛੱਲੀਆਂ ਵਾਂਗ ਕੁੱਟਿਆ ਗਿਆ | ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਲੈ ਕੇ ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਅੰਦਰ ਗੁੰਡਾ ਰਾਜ ਲਿਆਉਣ ਦੀ ਨੀਤੀ ਅਪਣਾਈ ਜਾ ਰਹੀ ਹੈ | ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰਦੇ ਸੰਘਰਸ਼ਸ਼ੀਲ ਮੁਲਾਜ਼ਮਾਂ ਨੂੰ ਪੁਲਿਸ ਨੂੰ ਹੁਕਮ ਦੇ ਕੇ ਕੁਟਵਾਇਆ ਜਾ ਰਿਹਾ ਹੈ | ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਸੰਘਰਸ਼ਸ਼ੀਲ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਦਾ ਤੁਰੰਤ ਸਹੀ ਨਿਪਟਾਰਾ ਨਾ ਕੀਤਾ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੇ ਵਿਰੁੱਧ ਜੋ ਸੰਘਰਸ਼ ਉਲੀਕਿਆ ਗਿਆ ਹੈ, ਉਸ ਨੰੂ ਹੋਰ ਵੀ ਤਿੱਖਾ ਰੂਪ ਦਿੱਤਾ ਜਾਵੇਗਾ |