ਕਪੂਰਥਲਾ, 8 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਨੂੰ ਹਲਕੇ ਵਿਚ ਉਸ ਸਮੇਂ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਸੀਨੀਅਰ ਸੂਬਾਈ ਮੀਤ ਪ੍ਰਧਾਨ ਜੀਆ ਲਾਲ ਨਾਹਰ ਦੇ ਯਤਨਾ ਨਾਲ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂ ਜਸਵਿੰਦਰ ਬਿੱਟਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਬਸਪਾ ਨੂੰ ਅਲਵਿਦਾ ਕਹਿ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਸਬੰਧ ਵਿਚ ਹੋਏ ਇਕ ਸੰਖੇਪ ਜਿਹੇ ਸਮਾਗਮ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐੱਚ.ਐੱਸ. ਵਾਲੀਆ ਨੇ ਜਸਵਿੰਦਰ ਬਿੱਟਾ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਲਗਭਗ 5 ਮਹੀਨੇ ਰਹਿ ਗਏ ਹਨ, ਇਸ ਲਈ ਪਾਰਟੀ ਆਗੂ ਤੇ ਵਰਕਰ ਪਾਰਟ ਦੀ ਮਜ਼ਬੂਤੀ ਲਈ ਕੰਮ ਕਰਨ 'ਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ, ਨਸ਼ਿਆਂ ਦੇ ਵੱਧ ਰਹੇ ਰੁਝਾਨ, ਗੁੰਡਾਗਰਦੀ ਤੇ ਗੈਂਗਸਟਰਵਾਦ ਨੂੰ ਠੱਲ ਪਾਉਣ ਵਿਚ ਅਸਫ਼ਲ ਰਹੀ ਹੈ ਤੇ ਪੰਜਾਬ ਵਿਚ ਕਤਲੋਗਾਰਤ, ਫਿਰੋਤੀਆਂ ਤੇ ਹੋਰ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਾ ਵਿਧਾਨ ਸਭਾ ਵਿਚ ਚੋਣਾਂ ਵਿਚ ਡੱਟ ਕੇ ਸਾਥ ਦੇਣ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਦੇ ਪ੍ਰਧਾਨ ਅਜੇ ਬਬਲਾ, ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਬਾਜਵਾ, ਹਲਕਾ ਕਪੂਰਥਲਾ ਦੇ ਪ੍ਰਧਾਨ ਰਜਿੰਦਰ ਸਿੰਘ ਧੰਜਲ, ਤਲਵਿੰਦਰ ਸਿੰਘ ਸੌਂਦ ਤੇ ਅਕਾਲੀ ਦਲ ਨਾਲ ਸਬੰਧਿਤ ਹੋਰ ਕਈ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |