ਕਪੂਰਥਲਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਮਗਨਰੇਗਾ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਦੀ ਅਦਾਇਗੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੇ 18ਵੇਂ ਦਿਨ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਗਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿਚ ਸ਼ਾਮਲ ਕਰਕੇ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਮਗਨਰੇਗਾ ਮੁਲਾਜ਼ਮ ਸਰਕਾਰ ਦੀਆਂ ਲੋਕ ਮਿਲਣੀਆਂ ਦੌਰਾਨ ਵਿਧਾਇਕਾ, ਹਲਕਾ ਇੰਚਾਰਜਾਂ ਤੇ ਪੰਜਾਬ ਦੇ ਮੰਤਰੀਆਂ ਦਾ ਵਿਰੋਧ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਦੇ ਰਵੱਈਏ ਨੂੰ ਲੈ ਕੇ ਮਗਨਰੇਗਾ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਬੀਤੀ 1 ਜੂਨ ਨੂੰ ਪੰਜਾਬ ਦੇ ਪੰਚਾਇਤ ਮੰਤਰੀ ਤੇ ਬੀਤੀ 10 ਜੂਨ ਨੂੰ ਪੰਜਾਬ ਦੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਵਿਚ ਮਗਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਪ੍ਰਵਾਨ ਕੀਤੀ ਗਈ ਸੀ | ਇਸ ਤੋਂ ਬਾਅਦ ਬੀਤੀ 16 ਜੂਨ ਨੂੰ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਮੀਟਿੰਗ ਹੋਈ ਤੇ ਮੀਟਿੰਗ ਵਿਚ ਯੂਨੀਅਨ ਆਗੂਆਂ ਨੂੰ ਕਥਿਤ ਤੌਰ ‘ਤੇ ਧਮਕਾ ਕੇ ਹੜਤਾਲ ਵਾਪਸ ਲੈਣ ਤੇ ਕੰਮ ‘ਤੇ ਆਉਣ ਲਈ ਕਿਹਾ ਗਿਆ ਤੇ ਕੰਮ ‘ਤੇ ਨਾ ਆਉਣ ‘ਤੇ ਨੌਕਰੀ ਤੋਂ ਕੱਢ ਦੇਣ ਦਾ ਫ਼ਰਮਾਨ ਵੀ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਯੂਨੀਅਨ ਆਗੂਆਂ ਨੇ ਪੁੱਛਿਆ ਕਿ ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕਰਨ ਦਾ ਕੇਸ ਤਿਆਰ ਕੀਤਾ ਹੈ ਤਾਂ ਸਬੰਧਿਤ ਅਧਿਕਾਰੀ ਨੇ ਕਿਹਾ ਕਿ ਪਹਿਲਾਂ ਹੜਤਾਲ ਵਾਪਸ ਲਵੋ | ਉਨ੍ਹਾਂ ਕਿਹਾ ਕਿ ਮਗਨਰੇਗਾ ਮੁਲਾਜ਼ਮ ਨੂੰ ਪਿਛਲੇ 18 ਵਰਿ੍ਹਆਂ ਦੌਰਾਨ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਭਰੋਸੇ ਦਿਵਾਏ, ਪ੍ਰੰਤੂ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ | ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਹੜਤਾਲ ਨੂੰ ਖ਼ਤਮ ਕਰਨ ਲਈ ਦਿੱਤੇ ਜਾ ਰਹੇ ਡਰਾਵੇ ਤੇ ਲਾਲਚ ਨੂੰ ਪਾਸੇ ਰੱਖ ਕੇ ਆਪਣਾ ਸੰਘਰਸ਼ ਜਾਰੀ ਰੱਖਣ |
ਮਗਨਰੇਗਾ ਮੁਲਾਜ਼ਮਾਂ ਨੇ ਏ.ਡੀ.ਸੀ. ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
20-06-2026