ਫਗਵਾੜਾ, 22 ਜੂਨ (ਹਰਜੋਤ ਸਿੰਘ ਚਾਨਾ)- ਸਥਾਨਕ ਪ੍ਰੋਫੈਸਰ ਕਾਲੋਨੀ ਨੇੜੇ ਵਰਿੰਦਰ ਪਾਰਕ ਦੇ ਬਾਹਰ ਬਣੇ ਕੂੜੇ ਦੇ ਡੰਪ ਤੋਂ ਨਗਰ ਨਿਗਮ ਫਗਵਾੜਾ ਵੱਲੋਂ ਕੂੜਾ ਨਾ ਚੁੱਕਣ ਦੇ ਵਿਰੋਧ ਅਤੇ ਡੰਪ ਨੂੰ ਆਬਾਦੀ ਵਾਲੇ ਇਲਾਕੇ ਤੋਂ ਦੂਰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਇਲਾਕਾ ਵਾਸੀਆਂ ਵੱਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਵਿਧਾਇਕ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਮੇਹਲੀ ਗੇਟ, ਪ੍ਰੋਫੈਸਰ ਕਾਲੋਨੀ ਅਤੇ ਗੁਰੂ ਹਰਕਿ੍ਸ਼ਨ ਨਗਰ ਦੇ ਵਸਨੀਕ ਲੰਮੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੂੜੇ ਦੇ ਇਸ ਡੰਪ ਦੇ ਬਿਲਕੁਲ ਨਾਲ ਗਊਸ਼ਾਲਾ, ਸ਼ਿਵ ਮੰਦਰ ਅਤੇ ਗੁਰਦੁਆਰਾ ਸਾਹਿਬ ਸਥਿਤ ਹਨ, ਜਿਸ ਕਾਰਨ ਧਾਰਮਿਕ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਵੱਲੋਂ ਕੂੜਾ ਚੁੱਕਣ ਲਈ ਨਿਯਮਿਤ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਧਾਲੀਵਾਲ ਨੇ ਕਿਹਾ ਕਿ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਕੂੜੇ ਦੇ ਢੇਰਾਂ ਕਾਰਨ ਮੱਖੀਆਂ, ਮੱਛਰਾਂ ਅਤੇ ਆਵਾਰਾ ਪਸ਼ੂਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ, ਜਿਸ ਨਾਲ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਇਸ ਮਾਮਲੇ ਨੂੰ ਵੀ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ | ਉਨ੍ਹਾਂ ਨਗਰ ਨਿਗਮ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਜਾਇਜ਼ ਮੰਗ ਨੂੰ ਮੰਨਦਿਆਂ ਇਸ ਡੰਪ ਨੂੰ ਆਬਾਦੀ ਵਾਲੇ ਖੇਤਰ ਤੋਂ ਦੂਰ ਤਬਦੀਲ ਕੀਤਾ ਜਾਵੇ ਅਤੇ ਉਦੋਂ ਤੱਕ ਇੱਥੋਂ ਹਰ ਰੋਜ਼ ਕੂੜਾ ਚੁੱਕਣ ਦੀ ਯਕੀਨੀ ਵਿਵਸਥਾ ਕੀਤੀ ਜਾਵੇ | ਇਸ ਦੌਰਾਨ ਇਲਾਕਾ ਵਾਸੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ ਸਮੇਤ ਹੋਰ ਕਾਂਗਰਸੀ ਆਗੂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ |