ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੋਗ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਾਣਾਯਾਮ ਤੇ ਵੱਖ-ਵੱਖ ਆਸਣ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਦੇਣ ਹੈ ਤੇ ਅੱਜ ਇਸਨੂੰ ਵਿਸ਼ਵ ਪੱਧਰ ‘ਤੇ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਤਣਾਅ ਤੋਂ ਦੂਰ ਰਹਿਣ ਲਈ ਯੋਗ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਯੋਗ ਦਿਵਸ ਸਬੰਧੀ ਕਰਵਾਏ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਇਸ ਮੌਕੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਸੰਕਲਪ ਵੀ ਲਿਆ |