ਕਪੂਰਥਲਾ, 24 ਜੂਨ (ਅਮਰਜੀਤ ਕੋਮਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਚੇਅਰਮੈਨ ਨਰਿੰਦਰ ਸਿੰਘ ਚੀਮਾ, ਪ੍ਰਧਾਨ ਸੰਗਤ ਰਾਮ, ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ, ਦੀ ਕਲਾਸ ਫੋਰ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ ਉੱਗੀ, ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ, ਪੀ.ਡਬਲਯੂ.ਡੀ. ਨਿਸ਼ਾਨ ਸਿੰਘ ਤੇ ਸੁਖਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੱਖਾਂ ਰੁਪਏ ਇਸ਼ਤਿਹਾਰਬਾਜ਼ੀ ਵਿਚ ਖ਼ਰਚ ਕੀਤੇ ਹਨ ਪਰੰਤੂ ਪੰਜਾਬ ਦੇ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਪੂਰਾ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪਣੇ ਸਾਢੇ ਚਾਰ ਸਾਲ ਦੇ ਰਾਜ ਦੌਰਾਨ ਪੰਜਾਬ ਸਰਕਾਰ ਨੇ ਰਾਜ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ | ਜਿਸਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਡੀ.ਏ. ਇਸ ਕਰਕੇ ਰੋਕਿਆ ਹੈ ਕਿ ਸਰਕਾਰ ਕੋਲ ਡੀ.ਏ. ਦੀ ਅਦਾਇਗੀ ਕਰਨ ਲਈ ਰਕਮ ਨਹੀਂ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾ ਦਾ ਖ਼ਜ਼ਾਨਾ ਭਰਿਆ ਹੋਣ ਦਾ ਦਾਅਵਾ ਕਰ ਰਹੇ ਹਨ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 18 ਪ੍ਰਤੀਸ਼ਤ ਡੀ.ਏ. ਤੁਰੰਤ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਠੇਕਾ ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, 1 ਜਨਵਰੀ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਕੇ ਸੋਧੀ ਪੈਨਸ਼ਨ ਜਾਰੀ ਕੀਤੀ ਜਾਵੇ, ਨਵੇਂ ਭਰਤੀ ਹੋਏ ਮੁਲਾਜ਼ਮਾਂ ਦਾ ਪ੍ਰੋਬੇਸ਼ਨ ਪੀਰਡ ਖ਼ਤਮ ਕੀਤਾ ਜਾਵੇ, ਕੇਂਦਰੀ ਤਨਖ਼ਾਹ ਸਕੇਲ ਰੱਦ ਕਰਕੇ ਪੰਜਾਬ ਵਿਚ ਪੰਜਾਬ ਦੇ ਸਕੇਲ ਹੀ ਲਾਗੂ ਕੀਤੇ ਜਾਣ | ਬੁਲਾਰਿਆਂ ਨੇ ਮੁਲਾਜ਼ਮਾਂ ਦੇ ਕੱਟੇ ਗਏ 37 ਭੱਤੇ ਬਹਾਲ ਕਰਨ ਤੇ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਤੋਂ ਵਿਕਾਸ ਟੈਕਸ ਦੇ ਨਾਂਅ ‘ਤੇ ਹਰ ਮਹੀਨੇ ਕੀਤੀ ਜਾ ਰਹੀ 200 ਰੁਪਏ ਦੀ ਕਟੌਤੀ ਬੰਦ ਕੀਤੀ ਜਾਵੇ | ਧਰਨੇ ਵਿਚ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਬੀਰ ਸਿੰਘ ਖਹਿਰਾ, ਪੰਜਾਬ ਜੇਲ੍ਹ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਵਡਿਆਲ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਸ ਅਨਸਾਰੀ, ਸ਼ਵਿੰਦਰ ਸਿੰਘ ਬੁਟਾਰੀ, ਕ੍ਰਿਸ਼ਨ ਕੁਮਾਰ ਗੱਟੀ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜਸਵੰਤ ਵਿਰਲੀ, ਸਟੇਟ ਐਵਾਰਡੀ ਸੁਖਵਿੰਦਰ ਸਿੰਘ ਚੀਮਾ, ਵਿਨੋਦ ਕਪੂਰ, ਜਗਜੀਤ ਸਿੰਘ, ਗੁਰਚਰਨ ਸਿੰਘ ਘੁੰਮਣ, ਲਖਬੀਰ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਤਰਲੋਚਨ ਸਿੰਘ, ਸੁਕੈਸ਼ ਕੁਮਾਰ ਜੋਸ਼ੀ, ਸ਼ਿਵਦੱਤ ਕਾਲੀਆ, ਮੰਗਲ ਸਿੰਘ ਭੰਡਾਲ, ਗੁਰਚਰਨ ਦਾਸ, ਸਰੂਪ ਸਿੰਘ, ਰਜੇਸ਼ ਕੁਮਾਰ, ਗੁਰਨਾਮ ਸਿੰਘ, ਬਲਬੀਰ ਸਿੰਘ, ਸੁਖਜੀਤ ਸਿੰਘ, ਸ਼ਸ਼ੀਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਧਰਨਾ ਦੇ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਅਜੀਤ ਡੈਸਕ
25-06-2026