07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਪ੍ਰੋਜੈਕਟ ਦਾ ਲਿਆ ਜਾਇਜ਼ਾ, ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ

Ad Position 21
No active advertisement
ਅਜੀਤ ਡੈਸਕ 26-06-2026
ਸੁਲਤਾਨਪੁਰ ਲੋਧੀ, 25 ਜੂਨ (ਨਰੇਸ਼ ਹੈਪੀ, ਥਿੰਦ)-ਸਮਾਰਟ ਸਿਟੀ ਪ੍ਰੋਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਬਰੀਕੀ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਜੈਕਟ ਬਿਨਾ ਕਿਸੇ ਦੇਰੀ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਗੁਣਵੱਤਾ ਦਾ ਖ਼ਾਸ ਧਿਆਨ ਰੱਖਦਿਆਂ ਮੁਕੰਮਲ ਕੀਤੇ ਜਾਣ | ਕਪੂਰਥਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ, ਐਸ.ਡੀ.ਐਮ. ਜਸਜੀਤ ਸਿੰਘ, ਪੀ.ਡਬਲਯੂ.ਡੀ. ਦੇ ਐਕਸੀਅਨ ਵਿਸ਼ਾਲ ਜਾਂਗੜਾਲ, ਸੀਵਰੇਜ ਬੋਰਡ, ਪੇਡਾ, ਸਿੱਖਿਆ ਵਿਭਾਗ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿਚ ਚੱਲ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕਰਦਿਆਂ ਉਨ੍ਹਾਂ ਪੀ. ਡਬਲਯੂ ਡੀ. ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਹ ਨਿਰਧਾਰਿਤ ਸਮੇਂ ਵਿਚ ਮੁਕੰਮਲ ਹੋ ਸਕੇ | ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 65 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਪੂਰਾ ਹੋਣ ਦੀ ਸੰਭਾਵਨਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਦੋ ਕਲਾਸਰੂਮਾਂ ਦਾ ਨਿਰਮਾਣ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ, ਕਿਉਂਕਿ ਸਕੂਲ ਦੀ ਮੁੱਖ ਇਮਾਰਤ ਤਿਆਰ ਹੋ ਚੁੱਕੀ ਹੈ ਅਤੇ ਉੱਥੇ ਕਲਾਸਾਂ ਵੀ ਚੱਲ ਰਹੀਆਂ ਹਨ | ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਇਸ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਸਮੀਖਿਆ ਕੀਤੀ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਉਪਾਵਾਂ ਬਾਰੇ ਚਰਚਾ ਕੀਤੀ | ਉਨ੍ਹਾਂ ਐਕਸੀਅਨ ਸੀਵਰੇਜ ਨੂੰ ਹਦਾਇਤ ਕੀਤੀ ਕਿ ਐਸ.ਟੀ.ਪੀ. ਨੂੰ ਇਸ ਮਹੀਨੇ ਦੇ ਅੰਤ ਤੱਕ ਚਾਲੂ ਕੀਤਾ ਜਾਵੇ | ਉਨ੍ਹਾਂ ਇਸ ਸਹੂਲਤ ਵਿਚ ਲਗਾਏ ਜਾ ਰਹੇ ਸੋਲਰ ਪਾਵਰ ਪਲਾਂਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਪੇਡਾ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਬਾਅਦ ਉਨ੍ਹਾਂ ਜੱਬੋਵਾਲ ਰੂਰਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਬਕਾਇਆ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਮਲਟੀਪਰਪਜ਼ ਖੇਡ ਸਟੇਡੀਅਮ ਅਤੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦੀਆਂ ਸਾਈਟਾਂ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਤੇਜ਼ ਕਰਨ ਲਈ ਕਿਹਾ | ਨਗਰ ਕੌਂਸਲ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਥਾਵਾਂ ਦੀ ਵੀ ਪਛਾਣ ਕਰ ਲਈ ਗਈ ਹੈ | ਦੌਰੇ ਦੌਰਾਨ ਉਨ੍ਹਾਂ ਮਿਉਂਸੀਪਲ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਵਿੱਦਿਅਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਜਨਤਕ ਲਾਇਬ੍ਰੇਰੀ ਸਥਾਪਤ ਕਰਨ ਲਈ ਢੁਕਵੀਂ ਥਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਨੂੰ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਣਵੱਤਾ ਦੇ ਮਿਆਰ ਕਾਇਮ ਰੱਖਣ ਅਤੇ ਕੰਮਾਂ ਦੀ ਰਫ਼ਤਾਰ ਤੇਜ਼ ਕਰਨ ਲਈ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦੇ ਲਾਭ ਬਿਨਾਂ ਦੇਰੀ ਦੇ ਲੋਕਾਂ ਤੱਕ ਪਹੁੰਚ ਸਕਣ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਪਯੋਗਤਾ ਸਰਟੀਫਿਕੇਟ ਜਿੰਨੀ ਜਲਦੀ ਹੋ ਸਕੇ ਜਮਾਂ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਨਾ ਮੰਨੇ ਜਾਣ ’ਤੇ ਐਨ.ਐਚ.ਐਮ. ਕਰਮਚਾਰੀਆਂ ਵਿਚ ਰੋਸ ਦੀ ਲਹਿਰ ਅਗਲੀ ਖ਼ਬਰ ਪ੍ਰੀਖਿਆ ਸੁਧਾਰਾਂ ਲਈ ਕਾਂਗਰਸ ਵਲੋਂ ਅੰਦੋਲਨ ਤੇਜ਼
Ad Position 24
No active advertisement