ਫਗਵਾੜਾ, 26 ਜੂਨ (ਹਰਜੋਤ ਸਿੰਘ ਚਾਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ 2022 ‘ਚ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਮਿਲ ਰਿਹਾ ਹੈ | ਇੱਥੇ ਵਾਰਡ ਨੰ. 15 ਤੇ 18 ‘ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਤੋਂ ਇਲਾਵਾ ਸੂਬੇ ਦੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਮੈਰਿਟ ਆਧਾਰਿਤ ਭਰਤੀ ਪ੍ਰਕਿਰਿਆ ਰਾਹੀਂ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਸੂਬੇ ਦੇ 90 ਤੋਂ 95 ਫ਼ੀਸਦੀ ਨਿੱਜੀ ਹਸਪਤਾਲ ਵੀ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੁਣਵੱਤਾ ਭਰਪੂਰ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ | ਡਾ. ਚੱਬੇਵਾਲ ਨੇ ਕਿਹਾ ਕਿ ਲੋਕਾਂ ਦਾ ਪੈਸਾ ਪੂਰੀ ਪਾਰਦਰਸ਼ਤਾ ਨਾਲ ਸਕੂਲਾਂ, ਹਸਪਤਾਲਾਂ, ਸੜਕਾਂ ਤੇ ਹੋਰ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖ਼ਰਚਿਆ ਜਾ ਰਿਹਾ ਹੈ | ਉਨ੍ਹਾਂ ਫਗਵਾੜਾ ਵਾਸੀਆਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਦੱਸਦਿਆਂ ਭਰੋਸਾ ਦਿੱਤਾ ਕਿ ਵਿਕਾਸ ਨਾਲ ਜੁੜੀ ਕੋਈ ਵੀ ਸਮੱਸਿਆ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਬਿਨ੍ਹਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ | ਇਸ ਮੌਕੇ ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ |